
CP ਸਵਪਨ ਸ਼ਰਮਾ ਨੇ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦੀ ਵਚਨਬੱਧਤਾ ਦੁਹਰਾਈ
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਇਤਲਾਹ ਦੇ ਅਧਾਰ ‘ਤੇ ਵਾਈ-ਪੁਆਇੰਟ ਮਿਸ਼ਨ ਕੰਪਾਉਂਡ ਨੇੜੇ ਚੈਕਿੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਨੇ ਦੋ ਨੌਜਵਾਨਾਂ ਨੂੰ ਆਪਣੇ ਵੱਲ ਆਉਂਦੇ ਦੇਖਿਆ ਅਤੇ ਉਨ੍ਹਾਂ ਦੀ ਹਰਕਤ ’ਤੇ ਸ਼ੱਕ ਪੈਣ ’ਤੇ ਪੁਲੀਸ ਪਾਰਟੀ ਨੇ ਉਨ੍ਹਾਂ ਨੂੰ ਚੈਕਿੰਗ ਲਈ ਰੋਕ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਉਨ੍ਹਾਂ ਦੀ ਚੈਕਿੰਗ ਕਰਨ ’ਤੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਹੀ ਉਕਤ ਨੌਜਵਾਨਾਂ ਜਿਹਨਾਂ ਦੀ ਪਹਿਚਾਣ ਮੇਵਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਲਾਟੀਆਵਾਲ ਜ਼ਿਲ੍ਹਾ ਕਪੂਰਥਲਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਲਾਟੀਆਵਾਲ ਥਾਣਾ ਸੁਲਤਾਨਪੁਰ ਲੋਧੀ ਕਪੂਰਥਲਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 2 ਜਲੰਧਰ ਵਿਖੇ ਐਫਆਈਆਰ ਨੰਬਰ 63 ਮਿਤੀ 28-06-2024 ਅਧੀਨ 21-61-85 ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੇਵਾ ਸਿੰਘ ਕੰਮ ਨਾ ਹੋਣ ਕਾਰਨ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹੋ ਗਿਆ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਗੁਰਪ੍ਰੀਤ ਨੇ ਇਹ ਵੀ ਮੰਨਿਆ ਕਿ ਉਹ ਇਸ ਸਮੇਂ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਉਸ ਕੋਲ ਬਹੁਤ ਘੱਟ ਕੰਮ ਸੀ, ਜਿਸ ਕਾਰਨ ਉਸਨੇ ਹੈਰੋਇਨ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੇਵਾ ਸਿੰਘ ਖ਼ਿਲਾਫ਼ ਇੱਕ ਐਫਆਈਆਰ ਪਹਿਲਾਂ ਹੀ ਪੈਂਡਿੰਗ ਹੈ ਜਦਕਿ ਗੁਰਪ੍ਰੀਤ ਖ਼ਿਲਾਫ਼ ਦੋ ਐਫਆਈਆਰ ਪੈਂਡਿੰਗ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























