ਪੈਰਿਸ (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਯੂਰਪ ਦੇ ਆਗੂ ਜਸਪ੍ਰੀਤ ਸਿੰਘ ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਸੂਬੇ ਅੰਦਰ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਗੁੰਮਰਾਹ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਹੁਣ ਉਹ ਇਨ੍ਹਾਂ ਦੋਹਾਂ ਪਾਰਟੀਆਂ ਦੇ ਝੂਠੇ ਲਾਰਿਆਂ ਦੇ ਝਾਂਸੇ ਵਿੱਚ ਕਦੇ ਨਹੀਂ ਆਉਣਗੇ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਹੀ ਸਾਡੀ ਅਜਿਹੀ ਇੱਕੋ ਇੱਕ ਖੇਤਰੀ ਪਾਰਟੀ ਹੈ ਜੋ ਸੂਬੇ ਦੇ ਵਿਕਾਸ ਦੇ ਨਾਲ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਤੇ ਡੱਟਕੇ ਪਹਿਰਾ ਦਿੰਦੇ ਹੋਏ ਪੰਜਾਬੀਆਂ ਦਾ ਭਲਾ ਕਰ ਸਕਦੀ ਹੈ।
ਯੂਥ ਆਗੂ ਜਸਪ੍ਰੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਸ. ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ, ਪਰ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਲ ਨਾਲ ਸਿੱਖ ਸੰਗਤ ਨੂੰ ਵੀ ਸਿਰਮੌਰ ਮੰਨਿਆ ਹੈ। ਅੱਗੇ ਵੀ ਜੋ ਹੁਕਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਵੇਗਾ, ਉਸਨੂੰ ਵੀ ਸ. ਸੁਖਬੀਰ ਸਿੰਘ ਬਾਦਲ ਖਿੜੇ ਮੱਥੇ ਪ੍ਰਵਾਨ ਕਰਕੇ ਮੁੜ ਤੋਂ ਪੰਜਾਬੀਆਂ ਦੀ ਸੇਵਾ ‘ਚ ਜੁੱਟ ਜਾਣਗੇ ਅਤੇ ਪੰਜਾਬ ਵਾਸੀ ਵੀ ਭਵਿੱਖ ਵਿੱਚ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਦਾ ਸਾਥ ਦੇਣਗੇ।





























