
ਜਲੰਧਰ, ਐਚ ਐਸ ਚਾਵਲਾ। ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਅਧੀਨ ਆਉਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਵਲਨਰੇਬਲ ਬੂਥਾਂ ’ਤੇ 440 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ। ਡਿਊਟੀ ਆਰਡਰ ਜਾਰੀ ਕਰਨ ਲਈ ਮਾਈਕਰੋ ਆਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ ਜਲੰਧਰ ਲਈ ਜਨਰਲ ਆਬਜ਼ਰਵਰ ਜੇ. ਮੇਘਨਾਥ ਰੈਡੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਦੀ ਨਿਗਰਾਨੀ ਹੇਠ ਮੁਕੰਮਲ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਂਤਮਈ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ ਚੋਣ ਕਮਿਸ਼ਨ ਦੀਆਂ ਅੱਖਾਂ ਤੇ ਕੰਨਾਂ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਮੋਕ ਪੋਲ ਤੋਂ ਲੈ ਕੇ ਸਮੁੱਚੀ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖਣ, ਆਜ਼ਾਦ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਕਰਵਾਉਣ ਵਿੱਚ ਮਾਈਕਰੋ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਈਕਰੋ ਆਬਜ਼ਰਵਰਾਂ ਨੂੰ 23 ਅਤੇ 28 ਮਈ ਨੂੰ ਸਿਖ਼ਲਾਈ ਪ੍ਰਦਾਨ ਕੀਤੀ ਜਾਵੇਗੀ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੀ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ। ਬੂਥ ਵਾਰ ਵੰਡ ਲਈ ਮਾਈਕਰੋ ਆਬਜ਼ਰਵਰਾਂ ਦੀ ਦੂਜੀ ਰੈਂਡਮਾਈਜ਼ੇਸ਼ਨ 30 ਮਈ ਨੂੰ ਹੋਵੇਗੀ।
ਸ੍ਰੀ ਮਹਾਜਨ ਨੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ, ਸੁੰਤਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਡੀ.ਆਈ.ਓ. ਰਣਜੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਮਾਈਕਰੋ ਆਬਜ਼ਰਵਰ ਐਲ.ਡੀ.ਐਮ. ਐਮ. ਐਸ. ਮੋਤੀ ਆਦਿ ਵੀ ਮੌਜੂਦ ਸਨ।





























