
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਵਿਅਕਤੀ ਨਜਾਇਜ਼ ਹਥਿਆਰ ਲੈ ਕੇ ਘੁੰਮ ਰਿਹਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲੀਸ ਪਾਰਟੀ ਨੇ ਸ਼ਹਿਰ ਦੇ ਬੜਿੰਗ ਗੇਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਵਿਫਟ ਕਾਰ ਨੰਬਰ ਪੀ.ਬੀ.10-ਐਫਸੀ-6704 ਫਗਵਾੜਾ ਤੋਂ ਜਲੰਧਰ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਕਾਰਤੂਸਾਂ ਸਮੇਤ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਡਰਾਈਵਰ ਗੁਰਪ੍ਰੀਤ ਸਿੰਘ ਉਰਫ਼ ਲਾਡਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਜੈਦਾ ਥਾਣਾ ਬੇਗੋਵਾਲ ਕਪੂਰਥਲਾ ਨੂੰ ਕਾਬੂ ਕਰ ਲਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਜਲੰਧਰ ਅਤੇ ਕਪੂਰਥਲਾ ਵਿਖੇ ਦੋ ਐਫਆਈਆਰ ਦਰਜ ਹਨ। ਉਨ੍ਹਾਂ ਦੱਸਿਆ ਕਿ ਥਾਣਾ ਕੈਂਟ ਜਲੰਧਰ ਵਿਖੇ ਮੁਕੱਦਮਾ ਨੰਬਰ 25 ਮਿਤੀ 10-03-2024 ਅਧੀਨ 25-54-59 ਅਸਲਾ ਐਕਟ ਦਰਜ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























