ਦੇਸ਼ਦੁਨੀਆਂਪੰਜਾਬ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਪੁਨਰਵਾਸ ਸਬੰਧੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ

ਅਧਿਕਾਰੀਆਂ ਨੂੰ ਰੋਜ਼ਗਾਰ ਪ੍ਰਾਪਤੀ ’ਚ ਮਦਦ ਲਈ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਰੁਝਾਨਾਂ ਅਨੁਸਾਰ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਕਿਹਾ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਪੁਨਰਵਾਸ ਸਬੰਧੀ ਪ੍ਰਕਿਰਿਆ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਪਰਨਾ ਐਮ.ਬੀ., ਸਿਵਲ ਸਰਜਨ ਡਾ. ਗੁਰਮੀਤ ਲਾਲ ਸਮੇਤ ਸਿਹਤ ਅਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਮੀਖਿਆ ਕੀਤੀ।

ਡਾ. ਅਗਰਵਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਮਾਜ ਵਿੱਚ ਮੁੜ ਜੋੜਨ ਲਈ ਉਨ੍ਹਾਂ ਦੀ ਸਕਿੱਲ ਪ੍ਰੋਫਾਈਲਿੰਗ ਕਰਕੇ ਉਨ੍ਹਾਂ ਦੇ ਰੁਝਾਨਾਂ ਅਨੁਸਾਰ ਹੁਨਰ ਵਿਕਾਸ ਕੋਰਸ ਸ਼ੁਰੂ ਕੀਤੇ ਜਾਣ ਤਾਂ ਜੋ ਅਜਿਹੇ ਵਿਅਕਤੀਆਂ ਨੂੰ ਸਕਿੱਲ ਟ੍ਰੇਨਿੰਗ ਦੇ ਕੇ ਆਤਮ ਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਤੁਰੰਤ ਆਰੰਭ ਕਰਨ ਦੇ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾਂ ਕੇਂਦਰਾਂ ਦੀਆਂ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਵੀ ਲਿਆ। ਮੀਟਿੰਗ ਦੌਰਾਨ ਨਸ਼ਾ ਛੁਡਾਊ ਕੇਂਦਰਾਂ ਦੀਆਂ ਬੁਨਿਆਦੀ ਢਾਂਚੇ ਸਬੰਧੀ ਤਜਵੀਜ਼ਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ।

ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਸੰਭਾਲ, ਇਲਾਜ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।

ਮੀਟਿੰਗ ਦੌਰਾਨ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ, ਡਾ. ਅਭੈਰਾਜ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button