ਦੇਸ਼ਦੁਨੀਆਂਪੰਜਾਬ

ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ

ਡਿਪਟੀ ਕਮਿਸ਼ਨਰ ਵਲੋਂ 70 ਫੀਸਦੀ ਤੋਂ ਵੱਧ ਵੋਟਿੰਗ ਲਈ ਸਵੀਪ ਗਤੀਵਿਧੀਆਂ ਤੇਜ਼ ਕਰਨ ਦੇ ਹੁਕਮ

16.17 ਲੱਖ ਵੋਟਰ 1951 ਪੋਲਿੰਗ ਬੂਥਾਂ ਉੱਪਰ ਕਰਨਗੇ ਆਪਣੇ ਜਮਹੂਰੀ ਹੱਕ ਦੀ ਵਰਤੋਂ

ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਸ਼ੇਸ਼ ਸਾਰੰਗਲ ਜੋਕਿ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਵੀਡੀਓ ਕਾਨਫਰੰਸ ਵਿਚ ਭਾਗ ਲੈ ਰਹੇ ਸਨ, ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਲਈ ਸਾਰੀਆਂ ਮੁਢਲੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਵੀਡੀਓ ਕਾਨਫਰੰਸ ਵਿਚ ਜਲੰਧਰ ਦਿਹਾਤੀ ਦੇ ਐਸ.ਐਸ.ਪੀ ਮੁਖਵਿੰਦਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਰਿਟਰਨਿੰਗ ਅਫਸਰਾਂ ਨੇ ਵੀ ਸ਼ਮੂਲੀਅਤ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਲੋਕ ਸਭਾ ਹਲਕੇ ਵਿਚ 16.17 ਲੱਖ ਵੋਟਰ 1951 ਪੋਲਿੰਗ ਬੂਥਾਂ ਉੱਪਰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨਗੇ।

ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਨੂੰ ਇੰਨ-ਬਿੰਨ ਲਾਗੂ ਕਰਨ ਲਈ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਟੀਮਾਂ ਦਾ ਗਠਨ ਕਰ ਦਿੱਤੀ ਗਿਆ ਹੈ ਜਿਨ੍ਹਾਂ ਦੀ ਅਗਵਾਈ ਕਮਿਸ਼ਨਰ ਨਗਰ ਨਿਗਮ ਕਰਨਗੇ। ਇਸ ਤੋਂ ਇਲਾਵਾ ਸੀ – ਵਿਜਲ ਐਪ ਨਿਗਰਾਨੀ ਟੀਮਾਂ ਅਤੇ ਆਈ.ਟੀ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਲੋੜੀਂਦੀਆਂ ਮਨਜ਼ੂਰੀਆਂ ਆਸਾਨ ਤਰੀਕੇ ਨਾਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਪੱਧਰ ’ਤੇ ’ਸੁਵਿਧਾ ਵਿੰਡੋ’ ਦੀ ਸਥਾਪਨਾ ਕੀਤੀ ਗਈ ਹੈ।

ਇਸ ਤੋਂ ਇਲਾਵਾ ਚੋਣਾਂ ਦੌਰਾਨ ਖਰਚੇ ਉੱਪਰ ਕਰੜੀ ਨਿਗਾਰਨੀ ਰੱਖਣ ਲਈ ਸਟੈਟਿਕ ਸਰਵਿਲੈਂਸ ਟੀਮ, ਵੀਡੀਓ ਟੀਮਾਂ ਨੂੰ ਤਾਇਨਾਤ ਕਰਨ ਦੇ ਨਾਲ-ਨਾਲ ਬੂਥਾਂ ਉੱਪਰ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਜ਼ਿਲ੍ਹੇ ਵਿਚ ਸਵੀਪ ਤਹਿਤ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ 70 ਫੀਸਦੀ ਤੋਂ ਵੱਧ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਹਰ ਵੋਟਰ ਤੱਕ ਪਹੁੰਚ ਕੀਤੀ ਜਾਵੇ ਤਾਂ ਜੋ ਵੋਟ ਪ੍ਰਤੀਸ਼ਤਤਾ ਵਿਚ ਵਾਧਾ ਕੀਤਾ ਜਾ ਸਕੇ। ਇਸ ਤੋਂ ਇਲਾਵਾ 18 ਤੋਂ 19 ਸਾਲ ਦੇ ਵੋਟਰਾਂ ਨੂੰ ਵੋਟ ਪਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਗਰਾਨੀ ਟੀਮਾਂ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਮੋਨੀਟਰਿੰਗ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ।

ਇਸੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਵਲੋਂ ਪ੍ਰਸਤਾਵਿਤ ਗਿਣਤੀ ਸੈਂਟਰਾਂ ਦਾ ਵੀ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੇ ਮੱਦੇਨਜ਼ਰ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਨ ਭਾਵਨਾ ਨਾਲ ਨਿਭਾਉਣ। ਇਸ ਮੌਕੇ ਏ.ਡੀ.ਸੀ ਅਮਿਤ ਮਹਾਨ, ਏ.ਡੀ.ਸੀ. ਲਖਵਿੰਦਰ ਸਿੰਘ ਤੇ ਰਿਟਰਨਿੰਗ ਅਫਸਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button