ਦੇਸ਼ਦੁਨੀਆਂਪੰਜਾਬ

ਆਜ਼ਾਦੀ ਦਿਹਾੜੇ ‘ਤੇ ਜਲੰਧਰ ‘ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਲਹਿਰਾਉਣਗੇ ਕੌਮੀ ਝੰਡਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਰਿਹਰਸਲ ਦਾ ਲਿਆ ਜਾਇਜ਼ਾ, ਫੁੱਲ ਡਰੈਸ ਰਿਹਰਸਲ 13 ਨੂੰ

ਜਲੰਧਰ, ਐਚ ਐਸ ਚਾਵਲਾ। ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਸਮਾਗਮ ਦੌਰਾਨ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਡਾ. ਅਗਰਵਾਲ ਨੇ ਦੱਸਿਆ ਕਿ  ਸਮਾਗਮ ਦੌਰਾਨ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੀ.ਏ.ਪੀ., ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਲੜਕੇ ਤੇ ਲੜਕੀਆਂ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦੇਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸਮਾਰੋਹ ਦੌਰਾਨ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਹੱਤਵਪੂਰਣ ਦਿਹਾੜੇ ਨੂੰ ਪੂਰੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਜਿਸ ਦੇ ਲਈ ਬਾਕਾਇਦਾ ਵੱਖ-ਵੱਖ ਵਿਭਾਗਾਂ ਨੂੰ ਪਹਿਲਾਂ ਹੀ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਐਸ.ਡੀ.ਐਮ. ਸ਼ਾਇਰੀ ਮਲਹੋਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button