ਉਦਯੋਗਾਂ ਦੀ ਲੋੜ ਮੁਤਾਬਕ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕੀਤੇ ਜਾਣਗੇ – ਵਿਸ਼ੇਸ਼ ਸਾਰੰਗਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨਾਲ ਮੀਟਿੰਗ
ਹੁਨਰਮੰਦ ਕਿਰਤਸ਼ਕਤੀ ਦੀ ਜ਼ਰੂਰਤ ਬਾਰੇ ਬਿਹਤਰ ਢੰਗ ਨਾਲ ਸਮਝਣ ਲਈ ਸਨਅਤਕਾਰਾਂ ਨਾਲ ਵਿਚਾਰ-ਚਰਚਾ ਸੈਸ਼ਨ ਕਰਨ ਦੇ ਨਿਰਦੇਸ਼
ਜਲੰਧਰ, ਐਚ ਐਸ ਚਾਵਲਾ। ਸਥਾਨਕ ਉਦਯੋਗਾਂ ਦੀ ਜ਼ਰੂਰਤ ਮੁਤਾਬਕ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਪਤੀਆਂ ਦੀ ਸਰਗਰਮ ਭਾਗੀਦਾਰੀ ਨਾਲ ਹੁਨਰ ਵਿਕਾਸ ਸਬੰਧੀ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ।
ਵੀਡੀਓ ਕਾਨਫਰੰਸ ਵਿੱਚ ਭਾਗ ਲੈਣ ਉਪਰੰਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਸ੍ਰੀ ਸਾਰੰਗਲ ਨੇ ਕਿਹਾ ਕਿ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੁਨਰ ਸਿਖ਼ਲਾਈ ਅਤੇ ਉਦਯੋਗਾਂ ਦੀ ਮੰਗ ਵਿਚਲੇ ਪਾੜੇ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਹਫ਼ਤੇ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਕਿਰਤਸ਼ਕਤੀ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤਾਂ ਜੋ ਉਸ ਅਨੁਸਾਰ ਨਵੇਂ ਕੋਰਸ ਸ਼ੁਰੂ ਕੀਤੇ ਜਾ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਖੇਡਾਂ ਦੇ ਸਾਮਾਨ, ਚਮੜੇ ਦੇ ਸਾਮਾਨ, ਹੈਂਡ ਟੂਲਜ਼, ਪਾਈਪ ਫਿਟਿੰਗ ਅਤੇ ਹੋਰ ਬਹੁਤ ਸਾਰੀਆਂ ਚੀਜ਼ਾਂ ਦੇ ਨਿਰਮਾਣ ਦੇ ਕੇਂਦਰ ਵਜੋਂ ਜਾਣਿਆ ਜਾਂਦਾ ਹੈ ਅਤੇ ਇਹ ਉਦਯੋਗ ਕਈ ਤਰ੍ਹਾਂ ਦੀਆਂ ਨੌਕਰੀਆਂ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਇਸ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਸਨਅਤਕਾਰਾਂ ਦੀ ਲੋੜ ਮੁਤਾਬਕ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੇਂ ਕੋਰਸ ਉਦਯੋਗਾਂ ਦੀ ਮੰਗ ਮੁਤਾਬਕ ਤਿਆਰ ਕੀਤੇ ਜਾਣਗੇ, ਜਿਸ ਸਦਕਾ ਨੌਜਵਾਨਾਂ ਦੀ ਤਕਨੀਕੀ ਯੋਗਤਾ ਵਿੱਚ ਵਾਧਾ ਹੋਵੇਗਾ ਅਤੇ ਉਹ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਹਾਸਲ ਕਰਨ ਦੇ ਯੋਗ ਹੋਣਗੇ ਤੇ ਆਤਮ ਨਿਰਭਰ ਵੀ ਬਣ ਸਕਣਗੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਨਵੇਂ ਕੋਰਸ ਜ਼ਿਲ੍ਹੇ ਅਤੇ ਆਸ-ਪਾਸ ਦੇ ਖੇਤਰਾਂ ਦੇ ਬੇਰੋਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰ ਕੇ ਉਨ੍ਹਾਂ ਨੂੰ ਸਮਰੱਥ ਬਣਾਉਣ ਵਿੱਚ ਸਹਾਈ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੇ ਕੋਰਸਾਂ ਰਾਹੀਂ ਮਿਆਰੀ ਸਿਖ਼ਲਾਈ ਪ੍ਰਦਾਨ ਕਰਕੇ ਨੌਜਵਾਨਾਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗ ਨਾਲ ਸਬੰਧਤ ਨੌਜਵਾਨ ਲੜਕੇ-ਲੜਕੀਆਂ ਦੇ ਸਸ਼ਕਤੀਕਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਸਾਰੀ ਲੋੜੀਂਦੀ ਕਾਰਵਾਈ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਆਦਿ ਵੀ ਮੌਜੂਦ ਸਨ।





























