
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਆਪਣੇ ਸਾਥੀਆਂ ਸਮੇਤ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ । ਇੱਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੈ, ਜਿਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਮੁਲਾਕਾਤ ਮਗਰੋਂ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਅਸਤੀਫ਼ਾ ਵਾਪਸ ਨਹੀਂ ਲਵਾਂਗਾ। ਹੁਣ ਵਰਕਿੰਗ ਕਮੇਟੀ ਦਾ ਕੰਮ ਹੈ ਕਿ ਉਹ ਅਸਤੀਫ਼ਾ ਪ੍ਰਵਾਨ ਕਰਦੇ ਹਨ ਜਾਂ ਨਹੀ |
ਸਰਦਾਰ ਭੱਟੀ ਨੇ ਕਿਹਾ ਕਿ ਫਿਲਹਾਲ ਧਾਮੀ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਕਰਨਾ ਚਾਹੀਦਾ ਹੈ । ਬਾਕੀ ਹੁਣ ਦੇਖਣਾ ਹੋਵੇਗਾ ਕਿ ਅੱਜ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਕੀ ਫੈਸਲਾ ਲਿਆ ਜਾਂਦਾ ਹੈ। ਹੁਣ ਦੇਖਣਾ ਹੋਵੇਗਾ ਕਿ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ‘ਤੇ ਜਥੇਦਾਰ ਕੀ ਫੈਸਲਾ ਲੈਣਗੇ। ਇੱਥੇ ਦੱਸਣਯੋਗ ਹੈ ਇਸ ਤੋਂ ਪਹਿਲਾਂ ਜਥੇਦਾਰ ਰਘਬੀਰ ਸਿੰਘ ਆਪ ਵੀ ਹਰਜਿੰਦਰ ਸਿੰਘ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਗਿਆ ਸੀ।





























