ਦੇਸ਼ਦੁਨੀਆਂਪੰਜਾਬ

ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ , ਕਿਹਾ – ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣਾ ਹੋਵੇਗੀ ਪਹਿਲੀ ਤਰਜੀਹ

ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ , ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵੀ ਦਿੱਤਾ ਭਰੋਸਾ

ਜਲੰਧਰ, ਐਚ ਐਸ ਚਾਵਲਾ। ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਸ੍ਰੀ ਅਗਰਵਾਲ, ਜੋ ਕਿ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ, ਜਲੰਧਰ ਵਿੱਚ ਚਾਰਜ ਸੰਭਾਲਣ ਤੋਂ ਪਹਿਲਾਂ ਫਾਜ਼ਿਲਕਾ ਅਤੇ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਭੂਗੋਲਿਕ ਅਤੇ ਜਨਸੰਖਿਆ ਦੇ ਮਾਪਦੰਡਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਜਲੰਧਰ ਲੋਕ ਸਭਾ ਹਲਕੇ ਲਈ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਨੂੰ ਮੁੱਖ ਤਰਜੀਹ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦਾ ਭਰੋਸਾ ਦਿੰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 70 ਫੀਸਦੀ ਤੋਂ ਵੱਧ ਪੋਲਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਵੋਟਰਾਂ ਦੀ ਸਹੂਲਤ ਲਈ ਸੁਹਿਰਦ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਤਿੰਨ ਚੋਣਾਂ ਵਿੱਚ ਘੱਟ ਮਤਦਾਨ ਵਾਲੇ ਬੂਥਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਜਾਵੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਮੈਨਪਾਵਰ ਮੈਨੇਜਮੈਂਟ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ, ਸਵੀਪ ਜਾਗਰੂਕਤਾ ਗਤੀਵਿਧੀਆਂ ਨੂੰ ਵੀ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਕਣਕ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਹੜ੍ਹਾਂ ਦੇ ਸੀਜ਼ਨ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਇਸ ਮੌਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਵੱਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button