
ਜਲੰਧਰ, ਐਚ ਐਸ ਚਾਵਲਾ। ਜਲੰਧਰ ਦੇ ਪਠਾਨਕੋਟ ਚੌਕ ‘ਚ ਭਿਆਨਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਥੇ ਫਲਾਈਓਵਰ ਨੇੜੇ ਇੱਕ ਤੇਜ਼ ਰਫ਼ਤਾਰ ਦੁੱਧ ਦੇ ਟੈਂਕਰ ਨੇ ਲਾਲ ਬੱਤੀ ’ਤੇ ਖੜ੍ਹੇ ਇੱਕ ਤੋਂ ਬਾਅਦ ਇੱਕ ਕਰੀਬ 12 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅੱਧੀ ਦਰਜਨ ਦੇ ਕਰੀਬ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਕਰੀਬ 15 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਪਠਾਨਕੋਟ ਚੌਕ ਨੇੜੇ ਸਥਿਤ ਕਪੂਰ ਬੋਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਡਾਕਟਰ ਜਸ਼ਨੀਵ ਕਪੂਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਸੜਕ ‘ਤੇ ਭਾਰੀ ਜਾਮ ਲੱਗ ਗਿਆ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲੀਸ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਵਾਹਨਾਂ ਨੂੰ ਸੜਕ ਤੋਂ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ।





























