
ਜਲੰਧਰ, ਐਚ ਐਸ ਚਾਵਲਾ। ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਤੇਜਪਾਲ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਬੀਜ ਡੀਲਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।
ਚੈਕਿੰਗ ਟੀਮ, ਜਿਸ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਰਣਧੀਰ ਸਿੰਘ ਠਾਕੁਰ, ਖੇਤੀਬਾੜੀ ਅਫ਼ਸਰ ਡਾ. ਜਸਬੀਰ ਸਿੰਘ ਤੇ ਡਾ. ਸੁਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੀਸ਼ ਚੰਦਰ ਸ਼ਾਮਲ ਸਨ, ਵੱਲੋਂ ਬਲਾਕ ਜਲੰਧਰ ਪੂਰਬੀ, ਜਲੰਧਰ ਪੱਛਮੀ, ਨਕੋਦਰ ਅਤੇ ਸ਼ਾਹਕੋਟ ਦੇ ਬੀਜ ਡੀਲਰਾਂ ਦਾ ਮੁਕੰਮਲ ਰਿਕਾਰਡ ਚੈੱਕ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਬੀਜ ਦੀਆਂ ਪਾਬੰਦੀਸ਼ੁਦਾ ਕਿਸਮਾਂ ਪੂਸਾ-44 ਅਤੇ ਹਾਈਬ੍ਰਿਡ ਝੋਨੇ ਦੀ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੰਯੁਕਤ ਡਾਇਰੈਕਟਰ ਨੇ ਬੀਜ ਡੀਲਰਾਂ ਨੂੰ ਪਾਬੰਦੀਸ਼ੁਦਾ ਕਿਸਮਾਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀ਼ਸ਼ੁਦਾ ਝੋਨੇ ਦੀਆਂ ਕਿਸਮਾਂ ਦੀ ਵਿਕਰੀ ਨਾ ਕੀਤੀ ਜਾਵੇ ਅਤੇ ਨਾਲ ਹੀ ਮੁੱਖ ਖੇਤੀਬਾੜੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਈ ਡੀਲਰ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਜਲੰਧਰ ਦੀ ਬੀਜ, ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਨਾ ਕਰਨ ਦਾ ਭਰੋਸਾ ਦਿਵਾਇਆ।





























