
ਜਵਾਨਾਂ ਨੂੰ ਯਾਦ ਕਰਾਇਆ ਕਿ ਉਹ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਦੇ ਝੰਡੇ ਧਾਰਕ ਹਨ
ਜਲੰਧਰ, ਐਚ ਐਸ ਚਾਵਲਾ। ਪੁਲਿਸ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਮਾਨਤਾ ਦੇਣ ਦੇ ਉਦੇਸ਼ ਨਾਲ ਇੱਕ ਉਪਰਾਲੇ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੇ ਬੁੱਧਵਾਰ ਨੂੰ ਵੱਖ-ਵੱਖ ਥਾਣਿਆਂ ਵਿੱਚ ਆਪਣੀ ਡਿਊਟੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਾਲੇ 57 ਪੁਲਿਸ ਮੁਲਾਜ਼ਮਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਜਨਤਾ ਦੀ ਸੇਵਾ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਕੁੱਲ 57 ਪੁਲਿਸ ਮੁਲਾਜ਼ਮਾਂ ਨੂੰ ਉਨ•ਾਂ ਦੀ ਬੇਮਿਸਾਲ ਮਿਹਨਤ ਅਤੇ ਨੌਕਰੀ ਪ੍ਰਤੀ ਸਮਰਪਣ ਲਈ ਸਰਟੀਫਿਕੇਟ ਦਿੱਤੇ ਗਏ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਲੁਟੇਰਿਆਂ, ਚੋਰਾਂ, ਸਨੈਚਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਲਈ ਕੀਤੇ ਬੇਮਿਸਾਲ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ |
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਨੇ ਆਬਕਾਰੀ ਐਕਟ ਅਤੇ ਐਨਡੀਪੀਐਸ ਐਕਟ ਦੇ ਤਹਿਤ ਜਾਇਦਾਦਾਂ ਦੀ ਬਰਾਮਦਗੀ ਦੇ ਨਾਲ-ਨਾਲ ਕੇਸਾਂ ਦੇ ਨਿਪਟਾਰੇ ਅਤੇ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮਾਨਤਾ ਦਿੱਤੀ ਹੈ। ਉਨ੍ਹਾਂ ਨੇ ਖੇਤਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਠੋਸ ਉਪਰਾਲੇ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੁੱਲ 29 ਪ੍ਰਸੰਸਾ ਸਰਟੀਫਿਕੇਟ-2 (ਸੀਸੀ-2) ਅਤੇ 28 ਪ੍ਰਸ਼ੰਸਾ ਪੱਤਰ-3 (ਸੀਸੀ-3) ਪ੍ਰਦਾਨ ਕੀਤੇ ਗਏ। ਸ੍ਰੀ ਸਵਪਨ ਸ਼ਰਮਾ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਰਟੀਫਿਕੇਟ ਭਵਿੱਖ ਵਿੱਚ ਹੋਰਾਂ ਨੂੰ ਵੀ ਚੰਗੀ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਗੇ।
ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਯਾਦ ਦਿਵਾਇਆ ਕਿ ਉਹ ਪੰਜਾਬ ਪੁਲਿਸ ਦੇ ਅਮੀਰ ਵਿਰਸੇ ਦੇ ਝੰਡਾਬਰਦਾਰ ਹਨ ਅਤੇ ਹਰ ਚੁਣੌਤੀ ਦਾ ਡੱਟ ਕੇ ਟਾਕਰਾ ਕਰਦੇ ਹੋਏ ਉਸ ਨੂੰ ਪਾਰ ਕਰਦੇ ਹਨ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਕੁਸ਼ਲਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਸ੍ਰੀ ਸਵਪਨ ਸ਼ਰਮਾ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਬੇਮਿਸਾਲ ਅਤੇ ਅਟੁੱਟ ਵਚਨਬੱਧਤਾ ਅਤੇ ਸਮਰਪਣ ਦੁਆਰਾ ਲੋਕਾਂ ਦੀ ਸੇਵਾ ਵਿੱਚ ਇੱਕ ਨਵਾਂ ਕੀਰਤੀਮਾਨ ਸਥਾਪਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।





























