
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਕਿਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਨਸ਼ੇ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਨੇਹਰ ਪੁਲੀ, ਬਸਤੀ ਬਾਵਾ ਖੇਲ ਨੇੜੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਇੱਕ ਇਤਲਾਹ ਦੇ ਆਧਾਰ ‘ਤੇ ਚੈਕਿੰਗ ਦੌਰਾਨ ਇੱਕ ਹੌਂਡਾ ਐਕਟਿਵਾ ਸਕੂਟਰ ਪੀ.ਬੀ.39-ਐਲ.ਓ-2321 ਨੂੰ ਰੋਕਿਆ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਚੈਕਿੰਗ ਦੌਰਾਨ ਸਕੂਟਰ ਸਵਾਰ ਕੋਲੋਂ ਇੱਕ ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਸਕੂਟਰ ਸਵਾਰ ਨੂੰ ਕਾਬੂ ਕਰ ਲਿਆ ਜਿਸ ਦੀ ਪਹਿਚਾਣ ਗੁਰਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਥਾਣਾ ਸੁਭਾਨਪੁਰ ਕਪੂਰਥਲਾ ਵਜੋਂ ਹੋਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਜ਼ਿਲ੍ਹਾ ਜਲੰਧਰ ਵਿਖੇ ਐਫਆਈਆਰ 45 ਮਿਤੀ 29-02-2024 ਅਧੀਨ 18 ਐਨ.ਡੀ.ਪੀ.ਐਸ. ਐਕਟ ਦਰਜ ਕੀਤੀ ਗਈ ਹੈ ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਦੀਆਂ ਧਾਰਾਵਾਂ ਅਧੀਨ ਦੋ ਐਫਆਈਆਰ ਪਹਿਲਾਂ ਹੀ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।





























