
(PRIME INDIAN NEWS) :- ਮੌਸਮ ਨੂੰ ਲੈ ਕੇ ਪੰਜਾਬ ਧੁੰਦ ਦੀ ਚਿੱਟੀ ਚਾਦਰ ਦੀ ਲਪੇਟ ‘ਚ ਆਇਆ ਹੋਇਆ ਹੈ, ਜਿਸਦੇ ਚਲਦਿਆਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਪਈ ਹੋਈ ਹੈ, ਜਿਸਦੇ ਮੱਦੇਨਜ਼ਰ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਹੈ, ਜਿਸਨੂੰ ਲੈ ਕੇ ਲੋਕਾਂ ਨੂੰ ਬਿਨ੍ਹਾਂ ਕਿਸੇ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਦੇ ਇਸ ਮਿਜਾਜ਼ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਸਣੇ ਕਈ ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ 30 ਦਸੰਬਰ ਤੋਂ ਧੁੰਦ ਘੱਟ ਜਾਵੇਗੀ ਪਰ ਠੰਢ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ । ਮੌਸਮ ਵਿਭਾਗ ਦੇ ਅਲਰਟ ਅਨੁਸਾਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਰੈੱਡ, ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਰਗੇ ਜ਼ਿਲ੍ਹੇ ਰੈੱਡ ਅਲਰਟ ਜ਼ੋਨ ਵਿੱਚ ਹਨ, ਜਦੋਂ ਕਿ ਹੁਸ਼ਿਆਰਪੁਰ, ਪਠਾਨਕੋਟ ਵਰਗੇ ਜ਼ਿਲ੍ਹੇ ਯੈਲੋ ਅਲਰਟ ਦੀ ਸ਼੍ਰੇਣੀ ਵਿੱਚ ਰੱਖੇ ਗਏ ਹਨ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਨੂੰ ਓਰੇਂਜ ਅਲਰਟ ਜ਼ੋਨ ਵਿੱਚ ਰੱਖਿਆ ਗਿਆ ਹੈ।
ਗੌਰਤਲਬ ਹੈ ਕਿ ਮੌਸਮ ਵਿਭਾਗ ਮੁਤਾਬਕ 29 ਦਸੰਬਰ ਨੂੰ ਮੌਸਮ ਸਾਫ਼ ਰਹੇਗਾ ਜਦਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਰੈੱਡ ਅਲਰਟ ਕਰਕੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।





























