
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 2 ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6 ਮੋਬਾਈਲ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਜੁਰਮ ਦਾ ਸਫਾਇਆ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 3 ਜਲੰਧਰ ਦੀ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ 2 ਚੋਰਾਂ ਬਾਰੇ ਇਤਲਾਹ ਮਿਲੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨਪੁਟ ’ਤੇ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਸੁਝਾਈ ਹੋਈ ਥਾਂ ’ਤੇ ਛਾਪਾ ਮਾਰ ਕੇ 2 ਚੋਰਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਚੋਰਾਂ ਦੀ ਪਛਾਣ ਦਮਨ ਥਾਪਰ ਪੁੱਤਰ ਨਰੇਸ਼ ਥਾਪਰ ਵਾਸੀ ਆਰੇਵਾਲੀ ਗਲੀ ਨੰਬਰ 1, ਅਬਾਦਪੁਰਾ ਜਲੰਧਰ ਅਤੇ ਸੰਦੀਪ ਕੁਮਾਰ ਉਰਫ਼ ਪੰਕਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਨੇੜੇ ਰਾਮ ਲੀਲਾ ਗਰਾਊਂਡ ਲਾਠੀਮਾਰ ਮੁਹੱਲਾ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 3 ਜਲੰਧਰ ਵਿਖੇ ਐਫਆਈਆਰ ਨੰਬਰ 36 ਮਿਤੀ 28-03-2024 ਅਧੀਨ 411 ਆਈ.ਪੀ.ਸੀ. ਦਰਜ ਕੀਤੀ ਗਈ ਹੈ । ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਮੁਲਜ਼ਮਾਂ ਕੋਲੋਂ ਚੋਰੀ ਦੇ 4 ਮੋਬਾਈਲ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮੁਲਜ਼ਮ ਦੇ ਖੁਲਾਸੇ ਬਿਆਨ ‘ਤੇ 2 ਹੋਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਉਨ੍ਹਾਂ ਕਿਹਾ ਕਿ ਦਮਨ ਖ਼ਿਲਾਫ਼ ਇੱਕ ਐਫਆਈਆਰ ਲੰਬਿਤ ਹੈ ਜਦਕਿ ਸੰਦੀਪ ਖ਼ਿਲਾਫ਼ ਪਹਿਲਾਂ ਹੀ ਦੋ ਕੇਸ ਦਰਜ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























