ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਕੋਲੋਂ 4 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।

ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਗਿਰੋਹ ਸ਼ਹਿਰ ਵਿੱਚ ਮੋਟਰਸਾਈਕਲ ਚੋਰੀ ਕਰਨ ਵਿੱਚ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਜਲੰਧਰ ਦੀ ਟੀਮ ਨੇ ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਰੇਸ਼ਮ ਲਾਲ ਵਾਸੀ ਪਿੰਡ ਮੂਢਾ ਥਾਣਾ ਨਕੋਦਰ ਜਲੰਧਰ ਨੂੰ ਕਾਬੂ ਕਰਕੇ ਇੱਕ ਚੋਰੀ ਦਾ ਮੋਟਰਸਾਈਕਲ, ਮੇਕ ਹੀਰੋ ਸਪਲੈਂਡਰ ਬਰਾਮਦ ਕੀਤਾ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਕਾਰਵਾਈ ਕਰਦਿਆਂ ਐਫਆਈਆਰ ਨੰਬਰ 268 ਮਿਤੀ 14.11.2024 ਅ/ਧ 303(2) ਬੀ.ਐਨ.ਐਸ., ਥਾਣਾ ਨਵੀਂ ਬਾਰਾਦਰੀ ਕਮਿਸ਼ਨਰੇਟ ਜਲੰਧਰ ਦਰਜ ਕੀਤੀ ਗਈ ਸੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਹਰਦੀਪ ਸਿੰਘ ਨੇ ਹੋਰ ਵੀ ਮੋਟਰਸਾਈਕਲ ਚੋਰੀ ਕਰਨ ਦੀ ਗੱਲ ਕਬੂਲੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਵੱਖ-ਵੱਖ ਥਾਵਾਂ ਤੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























