
ਕੈਬਨਿਟ ਮੰਤਰੀ ਵਲੋਂ ਫੋਲੜੀਵਾਲ ਵਿਖੇ ਸੈਂਟਰਲ ਬੈਂਕ ਆਫ਼ ਇੰਡੀਆ ਦੀ 50ਵੀਂ ਸ਼ਾਖਾ ਦਾ ਉਦਘਾਟਨ
ਜਲੰਧਰ, ਐਚ ਐਸ ਚਾਵਲਾ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਸੱਦਾ ਦਿੱਤਾ ਕਿ ਸਮਾਜ ਦੇ ਕਮਜ਼ੋਰ ਲੋਕਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਹੁਨਰਮੰਦ ਨੌਜਵਾਨਾਂ ਨੂੰ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ।
ਸੈਂਟਰਲ ਬੈਂਕ ਦੀ ਬਰਾਂਚ ਦਾ ਫੋਲੜੀਵਾਲ ਵਿਖੇ 66 ਫੁੱਟੀ ਰੋਡ ’ਤੇ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬੈਂਕਾਂ ਨੂੰ ਹੁਨਰਮੰਦ ਨੌਜਵਾਨਾਂ ਨੂੰ ਅਸਾਨ ਕਰਜ਼ ਮੁਹੱਈਆ ਕਰਵਾਉਣ ਲਈ ਸੰਜੀਦਾ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਉਹ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਤਮ ਸਨਮਾਨ ਨਾਲ ਜਿੰਦਗੀ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਬੈਂਕ ਦੀ 50ਵੀਂ ਬਰਾਂਚ ਹੈ ਅਤੇ ਇਸ ਇਲਾਕੇ ਦੇ ਵਾਸੀਆਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਅਜਿਹੇ ਯਤਨ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੋਜਗਾਰ ਖੋਲ੍ਹਣ ਵਿੱਚ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਬੈਂਕਿੰਗ ਸੰਸਥਾਵਾਂ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਵੱਲ ਮਦਦ ਦਾ ਹੱਥ ਵਧਾ ਕੇ ਉਨਾਂ ਦੀ ਕਿਸਮਤ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਬੈਂਕ ਅਤੇ ਹੋਰ ਵਿੱਤੀ ਸੰਸਥਾਵਾਂ ਕਮਜ਼ੋਰ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਕੇ ਉਨਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਰੱਖਦੀਆਂ ਹਨ। ਉਨ੍ਹਾਂ ਗਰੀਬ ਲੋਕਾਂ ਨੂੰ ਘੱਟ ਤੋਂ ਘੱਟ ਵਿਆਜ ਦਰਾਂ ’ਤੇ ਕਰਜ ਮੁਹੱਈਆ ਕਰਵਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਜੋ ਉਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਨੂੰ ਯਕੀਨੀ ਬਣਾਏਗਾ।
ਉਨ੍ਹਾਂ ਇਹ ਵੀ ਕਿਹਾ ਕਿ ਬੈਂਕਿੰਗ ਖੇਤਰ ਦੇ ਰਾਸ਼ਟਰੀਕਰਨ ਦਾ ਉਦੇਸ਼ ਤਾਂ ਹੀ ਪੂਰਾ ਹੋ ਸਕਦਾ ਹੈ ਜਦੋਂ ਆਰਥਿਕ ਤੌਰ ’ਤੇ ਕਮਜ਼ੋਰ ਸਮਾਜ ਵਿੱਤੀ ਮਜ਼ਬੂਤੀ ਵੱਲ ਅੱਗੇ ਵਧੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੀਡ ਬੈਂਕ ਮੈਨੇਜਰ ਐਮ.ਐਸ. ਮੋਤੀ, ਜੋਨਲ ਹੈਡ ਸ਼ੀਸ ਰਾਮ ਟੁੰਡਵਾਲ, ਰੀਜ਼ਨਲ ਹੈਡ ਰਾਹੁਲ ਸਕਸੈਨਾ ਅਤੇ ਬਰਾਂਚ ਹੈਡ ਹਿਮਾਂਸ਼ੂ ਗੁਪਤਾ ਵੀ ਮੌਜੂਦ ਸਨ।
















