8 ਪਿਸਤੌਲ, 55 ਜਿੰਦਾ ਰੌਂਦ ਅਤੇ 8 ਚਲੇ ਕਾਰਤੂਸ ਕੀਤੇ ਬਰਾਮਦ
ਹੁਣ ਤੱਕ ਇਸ ਗਰੋਹ ਦੇ 10 ਸਾਥੀ 16 ਹਥਿਆਰਾਂ ਸਮੇਤ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ – CP ਸਵਪਨ ਸ਼ਰਮਾ
ਜਲੰਧਰ, ਐਚ ਐਸ ਚਾਵਲਾ। ਗੈਂਗਸਟਰਾਂ ਦੇ ਦੁਆਲੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਭਿਆਨਕ ਮੁਕਾਬਲੇ ਤੋਂ ਬਾਅਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਜਸਕਰਨ ਗੁੱਜਰ ਉਰਫ਼ ਕੰਨੂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਰਾਮਪੁਰ ਬਿਲਰਾਂ ਤੋਂ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਨੂੰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਹ ਸ਼ਹਿਰ ‘ਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਸ਼ਹਿਰ ਦੇ ਹੈਮਿਲਟਨ ਟਾਵਰ ਦੇ ਪਿਛਲੇ ਪਾਸੇ ਨਾਜਾਇਜ਼ ਹਥਿਆਰ ਛੁਪਾਏ ਹੋਏ ਹਨ, ਜਿਸ ਤੋਂ ਬਾਅਦ ਪੁਲਸ ਉਸ ਨੂੰ ਉਕਤ ਸਥਾਨ ‘ਤੇ ਲੈ ਗਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਕੰਨੂ ਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲੀਸ ਪਾਰਟੀ ’ਤੇ ਹਮਲਾ ਕਰ ਦਿੱਤਾ, ਜਿਸ ਮਗਰੋਂ ਪੁਲੀਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਜਸਕਰਨ ਗੁੱਜਰ ਉਰਫ਼ ਕੰਨੂ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗੈਂਗਸਟਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਮੁਲਜ਼ਮ ਕੋਲੋਂ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦੀ ਕ੍ਰੇਟਾ ਕਾਰ ਨੰਬਰ ਪੀਬੀ 08 ਡੀਏ 3232 ਵਿੱਚੋਂ 6 ਪਿਸਤੌਲਾਂ ਸਮੇਤ 55 ਜਿੰਦਾ ਰੌਂਦ ਅਤੇ 8 ਚਲੇ ਕਾਰਤੂਸ ਬਰਾਮਦ ਕੀਤੇ ਗਏ ਹਨ।





























