ਜਲੰਧਰ, ਐਚ ਐਸ ਚਾਵਲਾ। ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਹਰਵਿੰਦਰ ਸਿੰਘ ਵਿਰਕ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਅੱਜ ਮਿਤੀ 05 ਮਾਰਚ 2026 ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ।
ਇਸ ਦੌਰਾਨ ਥਾਣਾ ਮੁਖੀਆਂ (SHO) ਅਤੇ ਪੁਲਿਸ ਟੀਮਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਉਣਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਮਾਹੌਲ ਬਣਾਉਣਾ ਹੈ।

ਇਸ ਦੇ ਨਾਲ ਹੀ ਇਲਾਕਿਆਂ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਰਾਤ ਦੇ ਸਮੇਂ ਵੀ ਇਲਾਕੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ, ਗੈਂਗਸਟਰਾਂ ਜਾਂ ਹੋਰ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਮਾਨਯੋਗ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਮਹੱਤਵਪੂਰਨ ਜਾਣਕਾਰੀ ਦੇਣ ਵਾਲਿਆਂ ਲਈ 10 ਲੱਖ ਰੁਪਏ ਤੱਕ ਇਨਾਮ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਜਲੰਧਰ ਦਿਹਾਤੀ ਪੁਲਿਸ ਦੇ ਮੁਲਾਜ਼ਮ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਡਿਊਟੀ ਨਿਭਾ ਰਹੇ ਹਨ।
















