ਦੇਸ਼ਦੁਨੀਆਂਪੰਜਾਬ

ਨਸ਼ਾ ਮੁਕਤੀ ਮੋਰਚਾ ਵਲੋਂ ਨਸ਼ਿਆਂ ’ਤੇ ਨਿਰਭਰ ਵਿਅਕਤੀਆਂ ਨਾਲ ਸਾਧਿਆ ਜਾਵੇਗਾ ਸਿੱਧਾ ਸੰਪਰਕ – ਬਲਤੇਜ ਪਨੂੰ

ਪੰਜਾਬੀਆਂ ਨੂੰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੁੂੰ ਜਨਤਕ ਲਹਿਰ ਬਣਾਉਣ ਦਾ ਸੱਦਾ

ਜੰਮੂ-ਕਸ਼ਮੀਰ ’ਚ ਹੋਏ ਅੱਤਵਾਦੀ ਹਮਲੇ ਦੀ ਜ਼ੋਰਦਾਰ ਸ਼ਬਦਾਂ ’ਚ ਨਿੰਦਾ , ਕਿਹਾ – ਪੰਜਾਬ ਸੁਰੱਖਿਅਤ ਹੱਥਾਂ ’ਚ 

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਮੋਰਚਾ’ ਨੇ ਪੰਜਾਬ ਵਾਸੀਆਂ ਖਾਸ ਕਰ ਨਸ਼ਿਆਂ ’ਤੇ ਨਿਰਭਰ ਵਿਅਕਤੀਆਂ ਤੱਕ ਸਿੱਧੀ ਪਹੁੰਚ ਲਈ ਮਈ ਮਹੀਨੇ ਦੌਰਾਨ ਸੂਬੇ ਭਰ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਡੋਰ-ਟੂ-ਡੋਰ ਅਭਿਆਨ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਸਿੰਘ ਪਨੂੰ ਵਲੋਂ ਦੋਆਬਾ ਕੋਆਰਡੀਨੇਟਰ ਨਯਨ ਛਾਬੜਾ ਅਤੇ ਜ਼ੋਨਲ ਕੋਆਰਡੀਨੇਟਰਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਹੇਠਲੇ ਪੱਧਰ ਤੱਕ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਕੀਤੀ ਜਾ ਰਹੀ ਇਸ ਵਿਆਪਕ ਮੁਹਿੰਮ ਤਹਿਤ ਮੋਰਚੇ ਦੇ ਮੈਂਬਰਾਂ ਵਲੋਂ ਪਹਿਲੇ ਪੜ੍ਹਾਅ ਦੌਰਾਨ ਪਿੰਡਾਂ ਵਿੱਚ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਇਸ ਉਪਰੰਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਜਾਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਖ਼ਤਰਿਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਿੱਧੇ ਸੰਪਰਕ ਦੌਰਾਨ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਉਹਨਾਂ ਦੇ ਇਲਾਜ ਅਤੇ ਮੁੜ ਵਸੇਬੇ ਵਿੱਚ ਸਹਾਇਤਾ ਕੀਤੀ ਜਾਵੇਗੀ, ਤਾਂ ਜੋ ਉਹ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਆ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਾ ਛੁਡਾਉਣ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਇਸ ਲਈ ਨਸ਼ਿਆਂ ‘ਤੇ ਨਿਰਭਰ ਵਿਅਕਤੀ ਇਲਾਜ ਕਰਵਾਕੇ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਤੋਂ ਸ਼ਾਮਿਲ ਹੋਣ ਦਾ ਮੌਕਾ ਪ੍ਰਾਪਤ ਕਰ ਸਕਦੇ ਹਨ।

ਸ੍ਰੀ ਪਨੂੰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਸ਼ਿਆਂ ਤੋਂ ਛੁਟਕਾਰਾ ਪਾ ਚੁੱਕੇ ਨੌਜਵਾਨਾਂ ਵਲੋਂ ਨਸ਼ੇ ਵਿੱਚ ਜਕੜੇ ਵਿਅਕਤੀਆਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਇਲਾਜ ਦੀ ਜਰੂਰਤ ਹੋਵੇਗੀ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ।

ਉਨ੍ਹਾਂ ਦੁਹਰਾਇਆ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਵਿਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂਂ, ਪਿੰਡਾਂ ਦੀਆਂ ਅਤਿ ਆਧੁਨਿਕ ਲਾਈਬ੍ਰੇਰੀਆਂ, ਖੇਡ ਮੈਦਾਨਾਂ ਅਤੇ ਜਿੰਮਾਂ ਨਾਲ ਜੋੜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਫ਼ੈਸਲਾਕੁੰਨ ਲੜਾਈ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਰਾਹੀਂ ਮਨੁੱਖੀ ਚੇਨ ਤਿਆਰ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜੋ ਨਸ਼ਾ ਸਮੱਗਲਰਾਂ ਦੇ ਨੈਟਵਰਕ ਨੂੰ ਤਬਾਹ ਕਰੇਗੀ।

ਪਰਿਵਾਰਾਂ ਦੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਪਨੂੰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੁੂੰ ਸੁਚੇਤ ਕੀਤਾ ਜਾਵੇ ਕਿ ਕਿਸੇ ਵੀ ਅਣਜਾਣ ਵਿਅਕਤੀ ਤੋਂ ਕੁਝ ਵੀ ਖਾਣ ਤੇ ਪੀਣ ਦੀਆਂ ਚੀਜਾਂ ਨੂੰ ਨਾ ਲੈਣ, ਕਿਉਂਕਿ ਅਕਸਰ ਨਸ਼ਿਆਂ ਦੀ ਸ਼ੁਰੂਆਤ ਸਕੂਲਾਂ ਅਤੇ ਛੋਟੀ ਉਮਰ ਵਿੱਚ ਹੁੰਦੀ ਹੈ। ਉਨ੍ਹਾਂ ਵਲੋਂ ਪੰਜਾਬ ਸਰਕਾਰ ਵਲੋਂ ਵਿਦਿਅਕ ਸੰਸਥਾਵਾਂ ਵਿਖੇ ਐਨਰਜੀ ਡਰਿੰਕਸ ਪੀਣ ’ਤੇ ਪਾਬੰਦੀ ਲਗਾਉਣ ਲਈ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।  ਉਨ੍ਹਾਂ ਕਿਹਾ ਕਿ ਮੋਰਚੇ ਵਲੋਂ ਪੰਜਾਬ ਨੂੰ ਪੰਜ ਜ਼ੋਨਾ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ੋਨ ਦੀ ਅਗਵਾਈ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਆਬਾ ਜੋਨ ਨੂੰ ਚਾਰ ਜੋਨਾਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕਿਸੇ ਵੀ ਪਾਰਟੀ ਜਾਂ ਸਰਕਾਰ ਨਾਲ ਸਬੰਧਿਤ ਨਾ ਹੋਕੇ ਹਰੇਕ ਪੰਜਾਬੀ ਦੀ ਮੁਹਿੰਮ ਹੋਵੇਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸਰਕਾਰ ਨਾਲ ਮੋਢੇ ਨਾਲ ਮੋਢਾ ਮਿਲਾਉਂਦਿਆਂ ਇਸ ਨੂੰ ਜਨਤਕ ਮੁਹਿੰਮ ਵਿੱਚ ਬਦਲਿਆ ਜਾਵੇ।

ਇਸ ਤੋਂ ਪਹਿਲਾਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਪਨੂੰ ਵਲੋਂ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿਖੇ ਯਾਤਰੀਆਂ ’ਤੇ ਹੋਏ ਵਹਿਸ਼ੀਆਨਾ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਅਮਨ-ਅਮਾਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੁੱਢਲੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਇਸ ਮੌਕੇ ਜਲੰਧਰ ਇੰਚਾਰਜ ਅਤੁੱਲ ਅਗਨੀਹੋਤਰੀ, ਹੁਸ਼ਿਆਰਪੁਰ ਇੰਚਾਰਜ ਸਤਵੰਤ ਸਿੰਘ, ਕਪੂਰਥਲਾ ਇੰਚਾਰਜ ਪ੍ਰਦੀਪ ਥਿੰਦ, ਇੰਚਾਰਜ ਸ਼ਹੀਦ ਭਗਤ ਸਿੰਘ ਨਗਰ ਸੇਠੀ ਉਦੋਵਾਲ ਤੋਂ ਸਖਸ਼ੀਅਤਾਂ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button