ਦੇਸ਼ਦੁਨੀਆਂਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਰੈਕੇਟ ਦਾ ਪਰਦਾਫਾਸ਼ , 200 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 200 ਗ੍ਰਾਮ ਹੈਰੋਇਨ ਸਮੇਤ ਇੱਕ ਅਪਰਾਧੀ ਨੂੰ ਕਾਬੂ ਕਰਕੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ‘ਚ ਨਸ਼ਾ ਤਸਕਰੀ ਦਾ ਇੱਕ ਗਿਰੋਹ ਸਰਗਰਮ ਹੈ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਟੀ ਪੁਆਇੰਟ ਜੋਗਿੰਦਰ ਨਗਰ, ਰਾਮਾ ਮੰਡੀ, ਜਲੰਧਰ ਨੇੜੇ ਜਾਲ ਵਿਛਾਇਆ ਹੋਇਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਹੁਸ਼ਿਆਰਪੁਰ ਵਾਲੇ ਪਾਸਿਓਂ ਇੱਕ ਟੋਇਟਾ ਇਨੋਵਾ ਕਾਰ ਨੰਬਰ ਪੀ.ਬੀ.08-ਈ.ਡੀ.-0214 ਨੂੰ ਰੋਕਿਆ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਗੱਡੀ ਦੀ ਤਲਾਸ਼ੀ ਲੈਣ ’ਤੇ ਕਾਰ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤੁਰੰਤ ਕਾਰ ਚਾਲਕ ਰੋਹਿਤ ਕੁਮਾਰ ਪੁੱਤਰ ਗੁਲਜ਼ਾਰ ਕੁਮਾਰ ਵਾਸੀ ਮੁਹੱਲਾ ਜਸਵੰਤ ਨਗਰ ਤਰਨਤਾਰਨ ਨੂੰ ਕਾਬੂ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਨੰਬਰ 51 ਮਿਤੀ 17-02-2024 ਅਧੀਨ 21-61-85 ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜੇ ਅਪਰਾਧੀ ਦਾ ਕੋਈ ਵੀ ਪਿਛੋਕੜ ਦਾ ਪਤਾ ਨਹੀਂ ਲੱਗਾ ਹੈ। ਸ੍ਰੀ ਸਵਪਨ ਸ਼ਰਮਾ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button