
ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿੱਚ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 2 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰਾਂ (ਇੱਕ ਔਰਤ ਅਤੇ ਇੱਕ ਵਿਅਕਤੀ) ਨੂੰ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਕਮਰ ਕੱਸ ਲਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹਿੱਸੇ ਵਜੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਅਪਰਾਧੀਆਂ ਨੂੰ ਫੜਨ ਲਈ ਪੂਰੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਦੀ ਟੀਮ ਨੇ ਲਾਹੌਰੀਆ ਗੁਰਦੁਆਰਾ ਸਾਹਿਬ, 120 ਫੀਟ ਰੋਡ, ਸੂਰਿਆ ਇਨਕਲੇਵ ਜਲੰਧਰ ਨੇੜੇ ਨਾਕਾਬੰਦੀ ਕੀਤੀ ਹੋਈ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਾਜੀ ਮੰਡੀ ਵਾਲੇ ਪਾਸੇ ਤੋਂ ਦੋ ਵਿਅਕਤੀਆਂ ਨੂੰ ਆਉਂਦੇ ਦੇਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰਕਤ ‘ਤੇ ਸ਼ੱਕ ਹੋਣ ‘ਤੇ ਪੁਲਿਸ ਨੇ ਉਨ੍ਹਾਂ ਦੇ ਪਛਾਣ ਬਾਰੇ ਪੁੱਛਗਿੱਛ ਕੀਤੀ ਅਤੇ ਬਾਰੀਕੀ ਨਾਲ ਤਲਾਸ਼ੀ ਲਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਦੌਰਾਨ ਦੋਨਾਂ ਦੋਸ਼ੀਆਂ ਦੀ ਪਹਿਚਾਣ ਬਲਵੰਤ ਕੁਮਾਰ ਪੁੱਤਰ ਕੇਦਾਰ ਸਿੰਘ ਵਾਸੀ ਪਿੰਡ ਦੂਬ ਬਾਰਵੀਆਂ, ਪੰਕੀ ਪਲਮਾਊ ਝਾਰਖੰਡ ਅਤੇ ਬਿਮਲੀ ਦੇਵੀ ਵਾਸੀ ਆਨੰਦ ਕੁਮਾਰ ਗੁਪਤਾ ਸਾਸਾਰਾਮ ਰੋਹਤਾਜ ਪੰਕੀ, ਪਲਮਾਉ ਝਾਰਖੰਡ ਵਜੋਂ ਕੀਤੀ ਗਈ, ਜਿਨ੍ਹਾਂ ਦੀ ਤਲਾਸ਼ੀ ਦੌਰਾਨ 1-1 ਕਿਲੋ ਅਫੀਮ, ਕੁੱਲ 2 ਕਿਲੋਗ੍ਰਾਮ ਬਰਾਮਦ ਹੋਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਹਨਾਂ ਦੇ ਖਿਲਾਫ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐਫ.ਆਈ.ਆਰ 73 ਮਿਤੀ 18-03-2024 ਅਧੀਨ 18-61-85 ਐਨਡੀਪੀਐਸ ਐਕਟ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਹਾਲੇ ਤੱਕ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਦਾ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਲੱਭਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























