ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ

CP ਸਵਪਨ ਸ਼ਰਮਾ ਨੇ ਹਰ ਹੀਲੇ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਵਚਨਬੱਧਤਾ ਨੂੰ ਦੁਹਰਾਇਆ
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਜਲੰਧਰ ਵਿਖੇ CASO (ਕਾਰਡਨ ਐਂਡ ਸਰਚ ਆਪਰੇਸ਼ਨ) ਪ੍ਰੋਗਰਾਮ ਤਹਿਤ ਤਿੰਨ ਸਰਚ ਅਪ੍ਰੇਸ਼ਨ ਚਲਾਏ ਗਏ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਆਪਰੇਸ਼ਨ ਈਗਲ 3 ਪ੍ਰੋਗਰਾਮ ਦਾ ਹਿੱਸਾ ਸਨ ਅਤੇ ਇਸ ਦੀ ਅਗਵਾਈ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਨਾਜ਼ੁਕ ਖੇਤਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਕਮਿਸ਼ਨਰੇਟ ਪੁਲਿਸ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਚੈਕਿੰਗ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬੱਸ ਸਟੈਂਡ ਜਲੰਧਰ ਵਿਖੇ ਏਡੀਸੀਪੀ 2 ਅਤੇ ਏਸੀਪੀ ਮਾਡਲ ਟਾਊਨ ਦੀ ਨਿਗਰਾਨੀ ਹੇਠ ਸਰਚ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲਗਭਗ 100 ਵਿਅਕਤੀਆਂ ਦੀ ਫੋਰਸ ਨੇ ਵਿਸ਼ਾਲ ਮੁਹਿੰਮ ਚਲਾਈ। ਇਸੇ ਤਰ੍ਹਾਂ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਏ.ਸੀ.ਪੀ ਉੱਤਰੀ ਦੀ ਦੇਖ-ਰੇਖ ਹੇਠ 50 ਦੇ ਕਰੀਬ ਮੁਲਾਜ਼ਮਾਂ ਦੇ ਨਾਲ ਰੇਲਵੇ ਸਟੇਸ਼ਨ ਸਿਟੀ ਵਿਖੇ ਵੀ ਇਸੇ ਤਰ੍ਹਾਂ ਦੀ ਮੁਹਿੰਮ ਚਲਾਈ ਗਈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਏ.ਸੀ.ਪੀ ਕੈਂਟ ਦੀ ਨਿਗਰਾਨੀ ਹੇਠ 50 ਦੇ ਕਰੀਬ ਮੁਲਾਜ਼ਮਾਂ ਦੀ ਟੀਮ ਨਾਲ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ ਰੱਖਣ ਲਈ ਵਿਸ਼ੇਸ਼ ਐਂਟੀ ਸਾਬੋਟੇਜ ਚੈਕਿੰਗ ਟੀਮਾਂ, ਸਨਿਫਰ ਡੌਗ ਅਤੇ ਵਾਹਨ ਚੈਕਿੰਗ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।





























