ਦੇਸ਼ਪੰਜਾਬ

75ਵੇਂ ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਪੰਜਾਬ ਦੀ ਆਰਥਿਕਤਾ, ਵਿਕਾਸ ’ਚ ਹੋਰ ਤੇਜ਼ੀ ਲਿਆਉਣ ਲਈ ਸੁਧਾਰ ਕੀਤੇ ਜਾਣਗੇ : ਚੀਮਾ

ਜਲੰਧਰ, ਐਚ ਐਸ ਚਾਵਲਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਹਰ ਖੇਤਰ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। 75ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਬਣਾਉਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮਾਰਚ 2022 ਵਿੱਚ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਬਿਹਤਰ ਯੋਜਨਾਬੰਦੀ ਅਤੇ ਅਸਰਦਾਰ ਨੀਤੀਆਂ ਸਦਕਾ ਰਿਕਾਰਡ ਟੈਕਸ ਇਕੱਤਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਜੀ.ਐਸ.ਟੀ. ਤੋਂ ਪ੍ਰਾਪਤ ਮਾਲੀਏ ਵਿੱਚ 16.52 ਫੀਸਦੀ ਅਤੇ ਐਕਸਾਈਜ਼ ਤੋਂ ਪ੍ਰਾਪਤ ਮਾਲੀਏ ਵਿੱਚ 10.4 ਫੀਸਦੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦਸੰਬਰ 2023 ਤੱਕ ਪੰਜਾਬ ਨੇ 27931.16 ਕਰੋੜ ਰੁਪਏ ਕਰ ਮਾਲੀਏ ਵਜੋਂ ਇਕੱਤਰ ਕੀਤੇ ਹਨ ਜਦਕਿ ਸਾਲ 2022 ਦੀ ਇਸੇ ਮਿਆਦ ਦੌਰਾਨ ਇਹ ਅੰਕੜਾ 24468.14 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਿਛਲੇ ਸਾਲ ਦੇ ਮੁਕਾਬਲੇ ਚਾਲੂ ਮਾਲੀ ਸਾਲ ਦੌਰਾਨ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਐਕਸਾਈਜ਼ ਤੋਂ ਕੁੱਲ ਮਾਲੀਏ ਵਿੱਚ 14.15 ਫੀਸਦੀ ਦੀ ਵਾਧਾ ਦਰ ਹਾਸਲ ਕੀਤੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਸਭ ਪ੍ਰਸ਼ਾਸਨ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਂਦਿਆਂ ਅਤੇ ਲੋਕਾਂ ’ਤੇ ਬਿਨਾਂ ਕੋਈ ਨਵਾਂ ਬੋਝ ਪਾਏ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਤੋਂ ਇਲਾਵਾ ਵਨ ਟਾਈਮ ਸੈਟਲਮੈਂਟ ਸਕੀਮ- 2023, ‘ਬਿੱਲ ਲਿਆਓ ਇਨਾਮ ਪਾਓ ਸਕੀਮ’, ਪੰਜਾਬ ਜੀ.ਐਸ.ਟੀ. ਸੋਧ ਐਕਟ- 2023, ਇਤਲਾਹ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਰਾਲੇ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਦਕਾ ਸੂਬੇ ਨੂੰ 64114 ਕਰੋੜ ਰੁਪਏ ਦੇ 4125 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 3.01 ਲੱਖ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ-2023 ਜਾਰੀ ਕੀਤੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ‘ਜ਼ੀਰੋ ਟਾਲਰੈਂਸ’ ਦੀ ਨੀਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਦੀ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ ਅਤੇ ਇਸ ਮੁਹਿੰਮ ਤਹਿਤ 550 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ, ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੇ ਗੈਰ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 76-100 ਫੀਸਦੀ ਤੱਕ ਦਿਵਿਆਂਗ ਸੈਨਿਕਾਂ ਲਈ ਐਕਸ ਗ੍ਰੇਸ਼ੀਆ ਗ੍ਰਾਂਟ ਹੁਣ 40 ਲੱਖ ਰੁਪਏ ਕੀਤੀ ਗਈ ਹੈ, ਜੋ ਕਿ ਪਹਿਲਾਂ 20 ਲੱਖ ਰੁਪਏ ਸੀ। ਇਸੇ ਤਰ੍ਹਾਂ 51-75 ਫੀਸਦੀ ਤੱਕ ਦਿਵਿਆਂਗ ਹੋਏ ਸੈਨਿਕਾਂ ਲਈ ਐਕਸ ਗ੍ਰੇਸ਼ੀਆ ਗ੍ਰਾਂਟ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕੀਤੀ ਗਈ ਹੈ। 25-50 ਫੀਸਦੀ ਤੱਕ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ ਗ੍ਰੇਸ਼ੀਆ ਗ੍ਰਾਂਟ 10 ਲੱਖ ਰੁਪਏ ਕੀਤੀ ਗਈ ਹੈ, ਜੋ ਕਿ ਪਹਿਲਾਂ 5 ਲੱਖ ਰੁਪਏ ਸੀ।

ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੇ ਗੈਰ-ਪੈਨਸ਼ਨਰ ਸਾਬਕਾ ਸੈਨਿਕਾਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਦਿੱਤੀ ਜਾਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ 6,000 ਤੋਂ ਵਧਾ ਕੇ 10,000 ਰੁਪਏ ਕੀਤੀ ਗਈ ਹੈ। ਇਸੇ ਤਰ੍ਹਾਂ ਜੰਗੀ ਜਗੀਰ ਵਜੋਂ ਵਿੱਤੀ ਸਹਾਇਤਾ 10,000 ਸਲਾਨਾ ਤੋਂ ਵਧਾ ਕੇ 20,000 ਸਲਾਨਾ ਕਰ ਦਿੱਤੀ ਗਈ ਹੈ। ਇਹ ਵਿੱਤੀ ਸਹਾਇਤਾ ਉਨ੍ਹਾਂ ਮਾਪਿਆਂ ਨੂੰ ਪ੍ਰਦਾਨ ਕੀਤੀ ਜਾਂਦੀ ਹੈ, ਜਿਨ੍ਹਾਂ ਦੇ ਇਕਲੌਤੇ, ਦੋ ਜਾਂ ਤਿੰਨ ਬੱਚਿਆਂ ਨੇ ਈਸਟ ਪੰਜਾਬ ਵਾਰ ਅਵਾਰਡਜ਼ ਐਕਟ 1948 ਤਹਿਤ ਦੂਜੀ ਵਿਸ਼ਵ ਜੰਗ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਈ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 39406 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 12710 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ।


ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚੋਂ 55 ਜਲੰਧਰ ਵਿਖੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ 80 ਵੱਖ-ਵੱਖ ਕਿਸਮ ਦੀਆਂ ਦਵਾਈਆਂ ਅਤੇ 38 ਲੈਬ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ 200 ਪ੍ਰਿੰਸੀਪਲਾਂ ਅਤੇ 100 ਮੁੱਖ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਭੇਜਿਆ ਗਿਆ । ਉਨ੍ਹਾਂ ਕਿਹਾ ਕਿ ਸਰਕਾਰ ਨੇ 1080 ਕਰੋੜ ਦੀ ਲਾਗਤ ਨਾਲ ਪ੍ਰਾਈਵੇਟ ਜੀ.ਵੀ.ਕੇ. ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ ਅਤੇ ਇਸ ਦਾ ਨਾਂ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 12 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਸਦਕਾ ਲੋਕਾਂ ਦੇ 185 ਕਰੋੜ ਰੁਪਏ ਦੀ ਬੱਚਤ ਹੋ ਰਹੀ ਹੈ। ਸਰਕਾਰ ਵੱਲੋਂ 2000 ਕਰੋੜ ਰੁਪਏ ਦੀ 12316 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ। 87000 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਨਰਮੇ ਦੇ ਬੀਜ ’ਤੇ ਮਿਲਣ ਵਾਲੀ ਸਬਸਿਡੀ ਦੇ 17.13 ਕਰੋੜ ਰੁਪਏ ਵੀ ਤਬਦੀਲ ਕੀਤੇ ਜਾ ਚੁੱਕੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਸਪੀਡ ਬਰੀਡਿੰਗ ਖੋਜ ਸਹੂਲਤ ਸਥਾਪਤ ਕੀਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਏਸ਼ੀਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ 32 ਖਿਡਾਰੀਆਂ ਅਤੇ ਕੌਮੀ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ 136 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ 58 ਖਿਡਾਰੀਆਂ ਨੂੰ ਏਸ਼ੀਆਈ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2200 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਚੱਲ ਰਹੇ ਹਨ ਅਤੇ 31 ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਵੱਖ-ਵੱਖ ਪੈਨਸ਼ਨ ਸਕੀਮਾਂ, ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ ਅਧੀਨ 1076-ਹੈਲਪਲਾਈਨ, ਵਿਸ਼ੇਸ਼ ਰੈਵੇਨਿਊ ਕੈਂਪਾਂ, ਰੈਵੇਨਿਊ ਹੈਲਪਲਾਈਨ (81849-00002), ਕਿਸਾਨ ਮਿਲਣੀਆਂ ਅਤੇ ਹੋਰ ਪਹਿਲਕਦਮੀਆਂ ਬਾਰੇ ਵੀ ਦੱਸਿਆ। ਮੰਤਰੀ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਲਈ ਜਲੰਧਰ ਜ਼ਿਲ੍ਹੇ ਨੂੰ 205.14 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਜਿਸ ਵਿੱਚੋਂ 144.64 ਕਰੋੜ ਰੁਪਏ ਦੇ ਫੰਡ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਨਗਰ ਨਿਗਮ ਜਲੰਧਰ ਦੀ ਹੱਦ ਅੰਦਰ 68 ਕਰੋੜ ਦੇ ਕੁੱਲ 104 ਵਿਕਾਸ ਕਾਰਜ ਚੱਲ ਰਹੇ ਹਨ। ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਜਲੰਧਰ ਵਿੱਚ 1500 ਸਵੈ-ਸਹਾਇਤਾ ਸਮੂਹ ਬਣਾਏ ਗਏ ਹਨ ਅਤੇ ਔਰਤਾਂ ਨੂੰ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਮੰਤਰੀ ਨੇ ਲੋਕਾਂ ਨੂੰ ਇਸ ਇਤਿਹਾਸਕ ਦਿਹਾੜੇ ‘ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਡੇ ਅਣਗਿਣਤ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ, ਜਿਨ੍ਹਾਂ ਸਾਡੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਸ਼ੁਭ ਦਿਨ ਭਾਰਤ ਪ੍ਰਭੂਸੱਤਾ ਸੰਪੰਨ ਅਤੇ ਜਮਹੂਰੀ ਰਾਸ਼ਟਰ ਬਣਿਆ ਅਤੇ ਹਰ ਸਾਲ ਇਹ ਸ਼ੁਭ ਦਿਹਾੜਾ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਦਮਨਬੀਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ, ਜਿਸ ਵਿੱਚ ਆਈ.ਟੀ.ਬੀ.ਪੀ., ਕਮਿਸ਼ਨਰੇਟ ਪੁਲਿਸ (ਪੁਰਸ਼ ਤੇ ਮਹਿਲਾ), ਪੀ.ਆਰ.ਟੀ.ਸੀ. ਜਹਾਨ ਖੇਲਾਂ, ਹੋਮ ਗਾਰਡਜ਼, ਐਨ.ਸੀ.ਸੀ. (ਲੜਕੇ ਤੇ ਲੜਕੀਆਂ), ਭਾਰਤ ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ, ਤੋਂ ਸਲਾਮੀ ਲਈ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਦੇਸ਼ ਭਗਤੀ ’ਤੇ ਆਧਾਰਿਤ ਅਤੇ ਸੱਭਿਆਚਾਰਕ ਪ੍ਰੋਗਰਾਮ, ਜਿਸ ਵਿੱਚ ਗਿੱਧਾ, ਭੰਗੜਾ ਅਤੇ ਹੋਰ ਰਵਾਇਤੀ ਲੋਕ ਨਾਚ ਸ਼ਾਮਲ ਸਨ, ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ ਤੇ ਰਮਨ ਅਰੋੜਾ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਮੰਗਲ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਏ.ਡੀ.ਜੀ.ਪੀ.ਐਸ.ਐਸ.ਸ੍ਰੀਵਾਸਤਵ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button