ਦੇਸ਼ਦੁਨੀਆਂਪੰਜਾਬ

ਜ਼ਿਲ੍ਹਾ ਜਲੰਧਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਸੂਬੇ ਭਰ ’ਚ ਮੋਹਰੀ

ਡਿਪਟੀ ਕਮਿਸ਼ਨਰ ਨੇ ਸੇਵਾਵਾਂ ਮੁਹੱਈਆ ਕਰਵਾਉਣ ’ਚ ‘ਜ਼ੀਰੋ ਪੈਂਡੈਸੀ’ ਦਾ ਟੀਚਾ ਹਾਸਲ ਕਰਨ ’ਤੇ ਜ਼ੋਰ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ‘ਜ਼ੀਰੋ ਪੈਂਡੈਸੀ’ ਦਾ ਟੀਚਾ ਹਾਸਲ ਕਰਨ ’ਤੇ ਜ਼ੋਰ ਦਿੱਤਾ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰਾਂ, ਮਾਲ ਵਿਭਾਗ ਅਤੇ ਵੱਖ-ਵੱਖ ਸੇਵਾਵਾਂ ਨਾਲ ਸਬੰਧਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ 0.09 ਫੀਸਦੀ ਦੀ ਦਰ ਨਾਲ ਲੋਕਾਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ 19 ਜੂਨ 2023 ਤੋਂ 18 ਜੂਨ 2024 ਤੱਕ ਪ੍ਰਸ਼ਾਸਨ ਨੂੰ ਜ਼ਿਲ੍ਹੇ ਦੇ ਸਮੁੱਚੇ 35 ਸੇਵਾਂ ਕੇਂਦਰਾਂ ਵਿਖੇ 430 ਤੋਂ ਵੱਧ ਸੇਵਾਵਾਂ ਲਈ 389771 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚੋਂ ਸਿਰਫ਼ 366 (0.09 ਫੀਸਦੀ) ਹੀ ਨਿਪਟਾਰੇ ਲਈ ਪੈਂਡਿੰਗ ਹਨ।

ਇਸ ਪ੍ਰਾਪਤੀ ਲਈ ਸਮੁੱਚੀ ਟੀਮ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੇਵਾਵਾਂ ਲਈ ਆਨਲਾਈਨ ਤੇ ਆਫਲਾਈਨ ਢੰਗ ਨਾਲ ਪ੍ਰਾਪਤ ਬਿਨੈਪੱਤਰਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪੈਂਡੈਂਸੀ ਨੂੰ ਸਿਫ਼ਰ ਕੀਤਾ ਜਾ ਸਕੇ।

ਡਾ. ਅਗਰਵਾਲ ਨੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਸੇਵਾਵਾਂ ਲਈ ਬਿਨੈਕਾਰਾਂ ਪਾਸੋਂ ਕੇਵਲ ਉਹੀ ਦਸਤਾਵੇਜ਼ ਅਰਜ਼ੀਆਂ ਦੇ ਨਾਲ ਲਏ ਜਾਣ, ਜੋ ਵਿਭਾਗ ਵੱਲੋਂ ਲੋੜੀਂਦੇ ਹਨ। ਨਾਲ ਹੀ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ’ਤੇ ਪ੍ਰਾਪਤ ਅਰਜ਼ੀਆਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੀਟਿੰਗ ਵਿੱਚ ਮੌਜੂਦ ਮਾਲ ਵਿਭਾਗ, ਸਮਾਜਿਕ ਸੁਰੱਖਿਆ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਸਬੰਧੀ ਅਰਜ਼ੀਆਂ ਨੂੰ ਸਮੇਂ ਸਿਰ ਨਿਬੇੜਿਆ ਜਾਵੇ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਜ਼ਿਲ੍ਹਾ ਮਾਲ ਅਧਿਕਾਰੀ ਨਵਦੀਪ ਸਿੰਘ ਭੋਗਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button