
ਜਲੰਧਰ ਕੈਂਟ, ਐਚ ਐਸ ਚਾਵਲਾ/ਸੈਵੀ ਚਾਵਲਾ। ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਪੈਂਦੇ ਥਾਣਾ ਸਦਰ ‘ਚ ਇੰਸਪੈਕਟਰ ਅਜਾਇਬ ਸਿੰਘ ਅਤੇ ਥਾਣਾ ਕੈਂਟ ‘ਚ ਇੰਸਪੈਕਟਰ ਅਨਿਲ ਕੁਮਾਰ ਨੇ ਬਤੌਰ SHO ਆਪਣਾ ਚਾਰਜ ਸੰਭਾਲ ਲਿਆ ਹੈ।
ਇਸ ਮੌਕੇ SHO ਅਜਾਇਬ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਵੀ ਥਾਣਾ ਸਦਰ ਵਿਖੇ ਸੇਵਾ ਨਿਭਾਅ ਚੁੱਕੇ ਹਨ, ਜਿਸ ਕਾਰਨ ਉਹ ਆਪਣੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ, ਨਸ਼ਾ ਵੇਚਣ ਵਾਲਿਆਂ, ਨਸ਼ਾ ਤਸਕਰਾਂ ਨੂੰ ਕਾਨੂੰਨ ਦੀ ਸ਼ਹਿ ‘ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਥੇ ਥਾਣਾ ਕੈਂਟ ਦੇ ਇੰਚਾਰਜ ਇੰਸਪੈਕਟਰ ਅਨਿਲ ਕੁਮਾਰ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਲੰਧਰ ਕੈਂਟ ਖੇਤਰ ‘ਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕਰਨਗੇ | ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਛਾਉਣੀ ਖੇਤਰ ਦੇ ਲੋਕਾਂ ਦੀ ਟ੍ਰੈਫਿਕ ਸਮੱਸਿਆ ਅਤੇ ਹਰ ਸਮੱਸਿਆ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇਗੀ।
SHO ਅਜਾਇਬ ਸਿੰਘ ਅਤੇ SHO ਅਨਿਲ ਕੁਮਾਰ ਨੇ ਕਿਹਾ ਕਿ ਉਹਨਾਂ ਦੇ ਥਾਣਿਆਂ ਦੇ ਅਧੀਨ ਆਉਂਦੇ ਇਲਾਕਿਆਂ ਨੂੰ ਨਸ਼ਾ ਮੁਕਤ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕੋਈ ਵੀ ਗਲਤ ਕੰਮ ਹੁੰਦਾ ਦੇਖਦੇ ਹਨ ਤਾਂ ਉਹ ਬਿਨਾਂ ਝਿਜਕ ਤੁਰੰਤ ਪੁਲਿਸ ਨਾਲ ਸੰਪਰਕ ਕਰਨ, ਪੁਲਿਸ ਉਨ੍ਹਾਂ ਦੀ ਮਦਦ ਲਈ 24 ਘੰਟੇ ਮੌਜੂਦ ਰਹੇਗੀ।





























