
ਆਪਣੀ ਪੁਰਾਣੀ ਸਰਕਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਕੀਤੇ ਵੱਡੇ ਖੁਲਾਸੇ
ਅੰਮ੍ਰਿਤਸਰ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ ਖੁੱਲ ਕੇ ਸਾਹਮਣੇ ਆ ਗਈ ਹੈ। ਪਾਰਟੀ ਦੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ , ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਪੰਥਕ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ। ਅਕਾਲੀ ਲੀਡਰਾਂ ਨੇ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖੁਦ ਖ਼ਿਮਾਯਾਚਨਾ ਕੀਤੀ, ਉੱਥੇ ਹੀ ਆਪਣੀ ਪੁਰਾਣੀ ਸਰਕਾਰ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਵੱਡੇ ਖੁਲਾਸੇ ਵੀ ਕੀਤੇ।

ਗੌਰਤਲਬ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਪੰਜਾਬ ‘ਚ ਵੱਡੀ ਬਗਾਵਤ ਹੋ ਗਈ ਹੈ, ਜਿਸਦੇ ਚਲਦਿਆਂ ਅਕਾਲੀ ਦਲ ਦਾ ਇੱਕ ਧੜਾ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ) ਵਿਖੇ ਪਹੁੰਚ ਗਿਆ ਅਤੇ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲਈ।
ਅਕਾਲੀ ਲੀਡਰਾਂ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ ਜਿਸ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣਾ , ਅਕਾਲੀ ਲੀਡਰਾਂ ਵੱਲੋਂ 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨਾ , ਇਨ੍ਹਾਂ ਲੀਡਰਾਂ ਵਲੋਂ IPS ਅਧਿਕਾਰੀ ਸੁਮੇਧ ਸੈਣੀ ਨੂੰ DGP ਬਣਾਉਣਾ ਅਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਸ਼ਾਮਲ ਹੈ, ਲਈ ਮੁਆਫੀ ਮੰਗੀ ਹੈ
ਇਸ ਦੌਰਾਨ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬਿਠਾ ਕੇ ਕੋਈ ਹੱਲ ਕੱਢਣ ਲਈ ਕਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਵੀ ਪਹੁੰਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਧੜੇਬੰਦੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ। ਜੇਕਰ ਸਮੁੱਚੀ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਦੀ ਹੈ ਤਾਂ ਉਹ ਇਸ ‘ਤੇ ਵਿਚਾਰ ਕਰਨਗੇ।





























