
ਜਲੰਧਰ, ਐਚ ਐਸ ਚਾਵਲਾ। ਜਲੰਧਰ ਦਿਹਾਤੀ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਐਸਐਸਪੀ ਜਲੰਧਰ (ਦਿਹਾਤੀ) ਸ਼੍ਰੀ ਹਰਵਿੰਦਰ ਸਿੰਘ ਵਿਰਕ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ।
ਇਹ ਮੈਰਾਥਨ ਦੁਆਬਾ ਹੈਡਲਾਈਨ ਨਿਊਜ਼ ਪੇਪਰ ਨਕੋਦਰ ਦੇ ਸਹਿਯੋਗ ਨਾਲ ਕਰਵਾਈ ਗਈ ਜਿਸ ਵਿੱਚ ਕਰੀਬ 500 ਲੜਕਿਆਂ ਅਤੇ ਲੜਕੀਆਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡੀਐਸਪੀ ਸ਼ਾਹਕੋਟ ਸ਼੍ਰੀ ਓਂਕਾਰ ਸਿੰਘ ਬਰਾੜ ਅਤੇ ਉਨ੍ਹਾਂ ਦੀ ਟੀਮ ਵੱਲੋਂ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ ਗਈ।

ਬੱਚਿਆਂ ਨੂੰ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਤੋਂ ਬਚਣ ਅਤੇ ਰੰਗਲਾ ਪੰਜਾਬ ਬਣਾਉਣ ਲਈ ਜਾਗਰੂਕ ਕੀਤਾ ਗਿਆ। ਪੁਲਿਸ ਅਧਿਕਾਰੀਆਂ ਵੱਲੋਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਇਲਾਕੇ ਅਤੇ ਸਕੂਲਾਂ ਵਿੱਚ ਵੀ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣ।

ਇਸ ਮੈਰਾਥਨ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ, ਖੇਡ ਪ੍ਰੇਮੀਆਂ ਅਤੇ ਇਲਾਕੇ ਦੀਆਂ ਉੱਗੀਆਂ ਸ਼ਖ਼ਸੀਅਤਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਰਦਾਰ ਰਾਮ ਸਿੰਘ ਔਲਖ ਜੀ ਵੱਲੋਂ ਇਸ ਮੈਰਾਥਨ ਵਿੱਚ ਦਿੱਤੇ ਗਏ ਵਿਸ਼ੇਸ਼ ਯੋਗਦਾਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਅਪੀਲ ਹੈ ਕਿ ਸਾਰੇ ਮਿਲਜੁਲ ਕੇ ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
















