ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਸਫਲਤਾ; 100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਜਲੰਧਰ, ਐਚ ਐਸ ਚਾਵਲਾ। ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਥਾਣਾ ਫਿਲੌਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਕਾਰਵਾਈ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ,ਜਲੰਧਰ-ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਵਿਨੀਤ ਅਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫਤੀਸ਼), ਜਲੰਧਰ-ਦਿਹਾਤੀ ਦੀ ਯੋਗ ਅਗਵਾਈ ਅਤੇ ਭਾਰਤ ਮਸੀਹ ਲੱਧੜ, ਪੀ.ਪੀ.ਐੱਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਨਿਗਰਾਨੀ ਹੇਠ ਕੀਤੀ ਗਈ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਾਰਤ ਮਸੀਹ ਲੱਧੜ, ਪੀ.ਪੀ.ਐੱਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਨੇ ਦੱਸਿਆ ਕਿ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਐੱਸ.ਐੱਚ.ਓ., ਥਾਣਾ ਫਿਲੌਰ ਦੀ ਅਗਵਾਈ ਹੇਠ ਫਿਲੌਰ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਕਾਰਵਾਈ ਦੌਰਾਨ ਪੁਲਿਸ ਟੀਮ ਨੇ ਦਵਿੰਦਰ ਕੁਮਾਰ ਉਰਫ਼ ਦਵਿੰਦਰ, ਪੁੱਤਰ ਸਲਿੰਦਰ ਕੁਮਾਰ, ਵਾਸੀ ਮੁਹੱਲਾ ਡਾ. ਅੰਬੇਡਕਰ ਨਗਰ, ਗੜ੍ਹਾ ਰੋਡ, ਫਿਲੌਰ, ਜ਼ਿਲ੍ਹਾ ਜਲੰਧਰ ਨੂੰ ਕਾਬੂ ਕੀਤਾ। ਉਸ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦਗੀ ਦੇ ਆਧਾਰ ’ਤੇ ਐੱਫ.ਆਈ.ਆਰ. ਨੰਬਰ 251 ਮਿਤੀ 21.08.2026, ਧਾਰਾ 21(B)-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਫਿਲੌਰ ਵਿਖੇ ਦਵਿੰਦਰ ਕੁਮਾਰ ਉਰਫ਼ ਦਵਿੰਦਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਦਵਿੰਦਰ ਕੁਮਾਰ ਉਰਫ਼ ਦਵਿੰਦਰ ਕਥਿਤ ਤੌਰ ’ਤੇ ਹੈਰੋਇਨ ਵੇਚਣ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਸੀ। ਪੁਲਿਸ ਵੱਲੋਂ ਹੁਣ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਬਰਾਮਦ ਕੀਤੀ ਗਈ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨੂੰ ਅੱਗੇ ਕਿਹੜੇ ਵਿਅਕਤੀਆਂ ਨੂੰ ਸਪਲਾਈ ਕੀਤਾ ਜਾਣਾ ਸੀ, ਬਾਰੇ ਪਤਾ ਲਗਾਇਆ ਜਾ ਸਕੇ।

ਮੁਲਜ਼ਮ ਨੂੰ 22 ਅਗਸਤ 2026 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਤੋਂ ਬਰਾਮਦ ਨਸ਼ੀਲੇ ਪਦਾਰਥ ਦੇ ਸਰੋਤ, ਇਸ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੇਰੀ ਤਫਤੀਸ਼ ਕੀਤੀ ਜਾਵੇਗੀ। ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button