
ਜਲੰਧਰ, ਐਚ ਐਸ ਚਾਵਲਾ। ਜਲੰਧਰ ਵਿੱਚ ਵਿਧਾਇਕ ਰਮਨ ਅਰੋੜਾ ਦੇ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਜਲੰਧਰ ਦੇ ਪ੍ਰਮੁੱਖ ਕਾਰੋਬਾਰੀ ਨਿਤਿਨ ਕੋਹਲੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੇ ਜਲੰਧਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਨਿਤਿਨ ਕੋਹਲੀ ਨੂੰ ਜਲੰਧਰ ਕੇਂਦਰੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਹੁਣ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦੇ ਕੰਮ ਕਰਵਾਉਣਗੇ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਰਮਨ ਅਰੋੜਾ ਨੇ ਪਾਰਟੀ ਦਾ ਭਰੋਸਾ ਤੋੜਿਆ ਹੈ, ਜਿਸ ਤੋਂ ਬਾਅਦ ਨਿਤਿਨ ਕੋਹਲੀ ਨੂੰ ਜਲੰਧਰ ਕੇਂਦਰੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਉਹ ਨਿਤਿਨ ਕੋਹਲੀ ਨੂੰ ਮਿਲ ਕੇ ਉਨ੍ਹਾਂ ਤੋਂ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਪਾਰਟੀ ਨੇ ਨਿਤਿਨ ਕੋਹਲੀ ‘ਤੇ ਭਰੋਸਾ ਪ੍ਰਗਟਾਇਆ ਹੈ। ਉਥੇ ਨਿਤਿਨ ਕੋਹਲੀ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਜਲੰਧਰ ਕੇਂਦਰੀ ਹਲਕੇ ਦੇ ਲੋਕ ਆਪਣੇ ਆਪ ਨੂੰ ਇਕੱਲਾ ਨਾ ਸਮਝਣ, ਉਹ ਜਲਦ ਹੀ ਆਪਣਾ ਦਫਤਰ ਖੋਲ੍ਹਣਗੇ ਅਤੇ ਰੋਜ਼ਾਨਾ ਲੋਕਾਂ ਨੂੰ ਮਿਲਣਗੇ।
















