
ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣ ਨਾ ਲੜਨ ਦਾ ਐਲਾਨ ਇਸ ਸ਼ਾਨਾਮੱਤੀ ਪਾਰਟੀ ਦਾ ਨਹੀਂ ਬਲਕਿ ਸੁਖਬੀਰ ਸਿੰਘ ਬਾਦਲ ਐਂਡ ਕੰਪਨੀ ਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਨਹੀਂ ਬਲਕਿ ਇਕ ਕੰਪਨੀ ਬਣਾ ਦਿੱਤਾ ਹੈ, ਜਿਸ ਦਾ ਮਾਲਕ ਸੁਖਬੀਰ ਸਿੰਘ ਬਾਦਲ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ SGPC ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਉਮੀਦਵਾਰ ਬੀਬੀ ਜਗੀਰ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।
ਉਹ ਐੱਸਜੀਪੀਸੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਵਜੋਂ ਆਪਣਾ ਏਜੰਡਾ ਜਾਰੀ ਕਰਨ ਲਈ ਪੁੱਜੇ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ’ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪੰਜਾਬ ’ਚ ਹੋਣ ਜਾ ਰਹੀਆ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਵੱਲੋਂ ਚੋਣ ਨਾ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਸਾਫ਼ ਹੋ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਟੋਲੇ ਨੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਲਈ ਅਜਿਹਾ ਕੀਤਾ ਹੈ।





























