ਦੇਸ਼ਦੁਨੀਆਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ” : ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ‘ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ

ਕਿਹਾ – ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਜ਼ਮੀਨੀ ਪੱਧਰ ‘ਤੇ ਕੀਤੇ ਜਾਣ ਲਾਗੂ

ਰੂਡਸੈਟ ਦੀ ਤਿਮਾਹੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ, ਉਦਯੋਗਾਂ ਦੀ ਮੰਗ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬੇਰੁਜਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਆਰਥਿਕ ਪਖੋਂ ਸਸ਼ਕਤ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਪਹਿਲਕਦਮੀਆਂ ਕਰਨ ‘ਤੇ ਜ਼ੋਰ ਦਿੱਤਾ ਗਿਆ।

ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖਲਾਈ (ਰੂਡਸੈਟ) ਸੰਸਥਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਸਾਰੇ ਵਿਭਾਗਾਂ ਨੂੰ ਵੱਖ ਵੱਖ ਸਕੀਮਾਂ ਤੇ ਪ੍ਰੋਗਰਾਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਿਸ ਲਿਆਉਣ ਲਈ ਨਵੇਂ ਸਿਖਲਾਈ ਕੋਰਸ ਸ਼ੁਰੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ, ਤਾਂ ਜੋ ਅਜਿਹੇ ਨੌਜਵਾਨ ਸਿਖਲਾਈ ਪ੍ਰਾਪਤ ਕਰਕੇ ਆਪਣਾ ਕੰਮ ਸ਼ੁਰੂ ਕਰਕੇ ਆਰਥਿਕ ਪੱਖੋਂ ਮਜ਼ਬੂਤ ਹੋ ਸਕਣ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਿਖਲਾਈ ਉਪਰੰਤ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਖੋਲ੍ਹਣ ਲਈ ਕਰਜ਼ੇ ਦੀ ਸਹੂਲਤ ਲਈ ਵੀ ਰਾਹ ਪੱਧਰਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਪ੍ਰੋਗਰਾਮ ਇਹਨਾਂ ਨੌਜਵਾਨਾਂ ਲਈ ਜਿੰਦਗੀ ਦੀ ਨਵੀਂ ਆਸ ਦੀ ਕਿਰਨ ਹਨ ਅਤੇ ਇਹਨਾਂ ਕੋਰਸਾਂ ਰਾਹੀਂ ਸਿਖਲਾਈ ਪ੍ਰਾਪਤ ਕਰਕੇ ਉਹ ਆਪਣਾ ਜੀਵਨ ਮਾਣ ਸਨਮਾਨ ਨਾਲ ਨਿਰਬਾਹ ਕਰ ਸਕਣਗੇ। ਉਹਨਾਂ ਰੋਜ਼ਗਾਰ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਹੁਨਰ ਪ੍ਰਾਪਤ ਨੌਜਵਾਨਾਂ ਦੀ ਸਵੈ ਰੋਜ਼ਗਾਰ ਜਾਂ ਨੌਕਰੀਆਂ ਰਾਹੀਂ ਸੁਚੱਜੀ ਪਲੇਸਮੈਂਟ ਨੂੰ ਯਕੀਨੀ ਬਣਾਇਆ ਜਾਵੇ।

ਰੂਡਸੈਟ ਇੰਸਟੀਚਿਊਟ ਡਾਇਰੈਕਟਰ ਸੰਜੀਵ ਕੁਮਾਰ ਚੌਹਾਨ ਵਲੋਂ ਤਿਮਾਹੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਹਾਲ ਹੀ ਵਿੱਚ 36 ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਜਿਸ ਦਾ 1000 ਨੌਜਵਾਨਾਂ ਵਲੋਂ ਲਾਭ ਉਠਾਇਆ ਗਿਆ ਹੈ ਅਤੇ 709 ਨੌਜਵਾਨਾਂ ਵਲੋਂ ਨੌਕਰੀਆਂ ਜਾਂ ਆਪਣਾ ਸਵੈ ਰੋਜ਼ਗਾਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 503 ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਜਿਸ ਦੌਰਾਨ 13000 ਉਮੀਦਵਾਰਾਂ ਨੂੰ ਸਿੱਖਿਅਤ ਕੀਤਾ ਗਿਆ ਹੈ।
ਡਾ.ਅਗਰਵਾਲ ਵਲੋਂ ਰੋਜ਼ਗਾਰ ਪ੍ਰਾਪਤੀ ਲਈ ਉਦਯੋਗਾਂ ਦੀ ਮੰਗ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਗਿਆ।

ਮੀਟਿੰਗ ਦੇ ਆਖੀਰ ਵਿੱਚ ਡਾ.ਅਗਰਵਾਲ ਵਲੋਂ ਸੰਸਥਾ ਦੁਆਰਾ ਪ੍ਰਾਪਤ ਕੀਤੀਆਂ ਲਾਮਿਸਾਲ ਪ੍ਰਾਪਤੀਆਂ ਅਤੇ ਸਫ਼ਲ ਕਹਾਣੀਆਂ ਨੂੰ ਦਰਸਾਉਂਦੀ ਸਲਾਨਾ ਕਾਰਗੁਜਾਰੀ ਰਿਪੋਰਟ ਵੀ ਜਾਰੀ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਬੁੱਧੀ ਰਾਜ ਸਿੰਘ, ਐਲ.ਡੀ.ਐਮ. ਐਮ.ਐਸ.ਮੋਤੀ, ਸਕੱਤਰ ਰੈਡ ਕਰਾਸ ਸੁਸਾਇਟੀ ਸੁਰਜੀਤ ਲਾਲ ਅਤੇ ਰੋਜ਼ਗਾਰ ਵਿਭਾਗ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਹੋਰ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button