
ਜਨਸੰਖਿਆ ਗਣਨਾ ਦੇ ਸੁਚਾਰੂ ਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ
ਜਲੰਧਰ, ਐਚ ਐਸ ਚਾਵਲਾ। ਡਾਇਰੈਕਟਰ ਸੈਂਸਜ਼ (ਓਪਰੇਸ਼ਨ) ਡਾ. ਨਵਜੋਤ ਖੋਸਾ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ, ਜਲੰਧਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ, ਜੁਆਇੰਟ ਕਮਿਸ਼ਨਰ, ਨਗਰ ਨਿਗਮ, ਡਾ. ਸੁਮਨਦੀਪ ਕੌਰ ਅਤੇ ਜਨਗਣਨਾ ਦੀਆਂ ਡਿਊਟੀਆਂ ਲਈ ਨਿਯੁਕਤ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।
ਡਾਇਰੈਕਟਰ, ਸੈਂਸਜ਼ ਓਪਰੇਸ਼ਨ ਨੇ ਜ਼ਿਲ੍ਹੇ ਵਿੱਚ ਪਹਿਲੇ ਪੜਾਅ ‘ਹਾਊਸ ਲਿਸਟਿੰਗ ਅਤੇ ਹਾਊਸਿੰਗ ਸੈਂਸਜ਼ ਓਪਰੇਸ਼ਨ’ ਦੇ ਕਾਰਜਾਂ ਨੂੰ ਸਫ਼ਲਤਾਪੂਰਵਕ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਚਾਰਜ ਅਫ਼ਸਰਾਂ ਅਤੇ ਫੀਲਡ ਕਰਮਚਾਰੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਅਗਾਊਂ ਯੋਜਨਾਬੰਦੀ ਅਤੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਡਾਇਰੈਕਟਰ ਨੇ ਹਦਾਇਤ ਕੀਤੀ ਕਿ ਜਨਗਣਨਾ-2027 ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤੀਆਂ ਜਾਣ। ਡਾਇਰੈਕਟਰ ਵੱਲੋਂ ਉੱਚ-ਪ੍ਰਾਥਮਿਕਤਾ ਵਾਲੇ ਖੇਤਰਾਂ ਅਤੇ ਨਗਰ ਨਿਗਮ, ਜਲੰਧਰ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਕੀਤੇ ਗਏ ਕੰਮ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ ਗਈ।
ਡਾਇਰੈਕਟਰ ਨੇ ਪ੍ਰਿੰਸੀਪਲ ਸੈਂਸਜ਼ ਅਧਿਕਾਰੀਆਂ ਅਤੇ ਹੋਰ ਜਨਗਣਨਾ ਅਧਿਕਾਰੀਆਂ ਨੂੰ ਜਨਸੰਖਿਆ ਗਣਨਾ ਦੇ ਸੁਚਾਰੂ, ਕੁਸ਼ਲ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਸਾਰੇ ਲੋੜੀਂਦੇ ਪ੍ਰਸ਼ਾਸਕੀ ਅਤੇ ਹੋਰ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਜਲੰਧਰ ਦੇ ਤਾਲਮੇਲ ਨਾਲ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਸਹੀ, ਪ੍ਰਮਾਣਿਕ ਤੇ ਭਰੋਸੇਯੋਗ ਅੰਕੜੇ ਇਕੱਤਰ ਕਰਨ ਨੂੰ ਯਕੀਨੀ ਬਣਾਉਣ ਲਈ ‘ਰਜਿਸਟਰਾਰ ਜਨਰਲ ਅਤੇ ਸੈਂਸਜ਼ ਕਮਿਸ਼ਨਰ, ਭਾਰਤ’ ਦੇ ਦਫ਼ਤਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਗਣਨਾ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ ਵਿਸਥਾਰਤ ਰੂਪ-ਰੇਖਾ ‘ਤੇ ਵੀ ਚਰਚਾ ਕੀਤੀ ਗਈ। ਜ਼ਿਲ੍ਹਾ ਜਨਗਣਨਾ ਹੈਂਡਬੁੱਕ (ਡੀਸੀਐਚਬੀ) ਦੀ ਤਿਆਰੀ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਚਾਰਜ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨਕਸ਼ਿਆਂ ਸਮੇਤ ਪਿੰਡ ਡਾਇਰੈਕਟਰੀ ਅਤੇ ਕਸਬਾ ਡਾਇਰੈਕਟਰੀ ਦੇ ਡਾਟਾ ਨੂੰ ਸੰਕਲਿਤ ਅਤੇ ਤਸਦੀਕ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਆਖਰੀ ਮਿਤੀ 08.09.2026 ਤੋਂ ਪਹਿਲਾਂ ਇਸਨੂੰ ਹਰ ਪੱਖੋਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਪ੍ਰਿੰਸੀਪਲ ਸੈਂਸਜ਼ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਜਨਗਣਨਾ ਹੈਂਡਬੁੱਕ ਦੀ ਪ੍ਰਕਿਰਿਆ ਅਤੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰੇ ਕਰ ਲਏ ਜਾਣਗੇ ਅਤੇ ਸਹੀ ਅੰਕੜੇ ਇਕੱਤਰ ਕਰਨ ਤੇ ਸੰਕਲਿਤ ਕਰਨ ਲਈ ‘ਚਾਰਜ ਅਧਿਕਾਰੀਆਂ’ ਨੂੰ ਸਿਖ਼ਲਾਈ ਅਤੇ ਜਨਗਣਨਾ ਕਾਰਜਾਂ ਸਬੰਧੀ ਲੋੜੀਂਦੀ ਸਾਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਵਿੱਚ ਉਪ-ਮੰਡਲ ਮੈਜਿਸਟ੍ਰੇਟਸ, ਸਹਾਇਕ ਕਮਿਸ਼ਨਰ, ਤਹਿਸੀਲਦਾਰ, ਚਾਰਜ ਅਧਿਕਾਰੀ ਵੀ ਮੌਜੂਦ ਸਨ।
















