ਦੇਸ਼ਦੁਨੀਆਂਪੰਜਾਬ

ਡਿਪਟੀ ਕਮਿਸ਼ਨਰ ਵਲੋਂ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ, ਲੋਕਾਂ ਨਾਲ ਕੀਤੀ ਮੁਲਾਕਾਤ, ਮੁਲਾਜ਼ਮਾਂ ਦਾ ਵਧਾਇਆ ਹੌਂਸਲਾ

ਹੜ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਰਾਹਤ ਕੇਂਦਰਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਹਾਲਾਤ ਵਿੱਚ ਅਗਾਉਂ ਉਚਿਤ ਬੰਦੋਬਸਤ ਯਕੀਨੀ ਬਣਾਏ ਜਾਣ, ਤਾਂ ਜੋ ਲੋੜ ਪੈਣ ‘ਤੇ ਲੋਕਾਂ ਨੂੰ ਸੁਚਾਰੂ ਢੰਗ ਅਤੇ ਸਮਰਪਣ ਭਾਵਨਾ ਨਾਲ ਰਾਹਤ ਪ੍ਰਦਾਨ ਕੀਤੀ ਜਾ ਸਕੇ।

ਉਨ੍ਹਾਂ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 54 ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਮੈਡੀਕਲ ਸਹੂਲਤ ਤੋਂ ਇਲਾਵਾ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ 8 ਰਾਹਤ ਕੇਂਦਰ ਮੌਜੂਦਾ ਸਮੇਂ ਕਾਰਜਸ਼ੀਲ ਹਨ, ਜਿੱਥੇ ਅਹਿਤਿਆਤ ਵਜੋਂ ਸੰਵੇਦਨਸ਼ੀਲ ਇਲਾਕਿਆਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਇੱਥੇ ਰਹਿ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਉਹਨਾਂ ਦੇ ਨਾਲ ਖੜ੍ਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਹੈਲਪ ਲਾਈਨ ਨੰਬਰ 0181-2240064 ਹੈ।

ਉਨ੍ਹਾਂ ਕਿਹਾ ਕਿ ਸੋਮਵਾਰ ਸ਼ਾਮ ਨੂੰ ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਆਉਣ ਤੋਂ ਬਾਅਦ ਸਤਲੁਜ ਵਿੱਚ ਪਾਣੀ ਦਾ ਪੱਧਰ ਵਧੇਗਾ, ਇਸ ਲਈ ਅਹਿਤਿਆਤ ਵਜੋਂ ਜ਼ਰੂਰੀ ਕਦਮ ਪੁੱਟਣੇ ਜ਼ਰੂਰੀ ਹਨ। ਉਨ੍ਹਾਂ ਨੀਵੇਂ ਅਤੇ ਹੜ੍ਹ ਸੰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਉਹ ਦਰਿਆ ਦੇ ਕਿਨਾਰਿਆਂ ਨੇੜੇ ਜਾਣ ਤੋਂ ਬਚਣ ਅਤੇ ਲੋੜ ਪੈਣ ‘ਤੇ ਉੱਚੀਆਂ ਥਾਵਾਂ ‘ਤੇ ਸਥਾਪਿਤ ਕੀਤੇ ਗਏ ਰਾਹਤ ਕੈਂਪਾਂ ਵਿੱਚ ਚਲੇ ਜਾਣ।

ਡਾ. ਅਗਰਵਾਲ ਨੇ ਲੋਕਾਂ ਨੂੰ ਦਰਿਆ ਦੇ ਕੰਢਿਆਂ ਨੇੜੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਪਿੰਡਾਂ ਵਿੱਚ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਬਿਨ੍ਹਾਂ ਕਿਸੇ ਕੰਮ ਤੋਂ ਸਤਲੁਜ ਦੇ ਬੰਨ੍ਹਾਂ ‘ਤੇ ਇਕੱਠੇ ਨਾ ਹੋਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਐਸ.ਡੀ.ਐਮ. ਸ਼ੁਭੀ ਆਂਗਰਾ, ਡੀ.ਐਸ.ਪੀ. ਓਂਕਾਰ ਸਿੰਘ ਬਰਾੜ, ਡੀ.ਆਰ.ਓ ਨਵਦੀਪ ਸਿੰਘ ਭੋਗਲ ਅਤੇ ਨੋਡਲ ਅਫ਼ਸਰ ਸਕੱਤਰ ਆਰ.ਟੀ.ਏ. ਬਲਬੀਰ ਰਾਜ ਸਿੰਘ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button