ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਪਲਾਈਜ਼ ਸਟੇਟ ਇਨਸ਼ੋਰੈਂਸ (ESI) ਹਸਪਤਾਲ ਜਲੰਧਰ ਨੂੰ ਹਦਾਇਤ ਕੀਤੀ ਕਿ ESI ਸਕੀਮ ਤਹਿਤ ਰਜਿਸਟਰਡ ਲਾਭਪਾਤਰੀਆਂ ਨੂੰ ਪਹਿਲੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਪ੍ਰਬੰਧਕਾਂ ਨਾਲ ਜਾਇਜ਼ਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਤਹਿਤ ਜ਼ਿਆਦਾਤਰ ਕਰਮਚਾਰੀ ਸਿਹਤ ਸਹੂਲਤਾਂ ਲਈ ESI ਹਸਪਤਾਲ ਅਤੇ ਡਿਸਪੈਂਸਰੀਆਂ ਉਤੇ ਨਿਰਭਰ ਕਰਦੇ ਹਨ। ਉਨ੍ਹਾਂ ESI ਹਸਪਤਾਲ ਦੀ ਮੈਡੀਕਲ ਸੁਪਰਡੰਟ ਡਾ. ਵੰਦਨਾ ਸਾਗਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹਨਾਂ ਦੀ ਸੰਸਥਾ ਵਿਖੇ ਸਾਰੀਆਂ ਜਰੂਰੀ ਮੈਡੀਕਲ ਸੇਵਾਵਾਂ ਉਪਲੱਬਧ ਹੋਣੀਆਂ ਚਾਹੀਦੀਆਂ ਹਨ।
ਡਾ.ਅਗਰਵਾਲ ਨੇ ESI ਪ੍ਰਬੰਧਕਾਂ ਨੂੰ ਕਿਹਾ ਕਿ ਜੇਕਰ ਮਨੁੱਖੀ ਸਰੋਤਾਂ ਦੀ ਕਮੀ ਹੈ, ਤਾਂ ਤੁਰੰਤ ਇਹ ਮੁੱਦਾ ਪੰਜਾਬ ਸਰਕਾਰ ਪਾਸ ਉਠਾਇਆ ਜਾਵੇ, ਤਾਂ ਜੋ ਨਿਰਵਿਘਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ESI ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋੜ ਪੈਣ ’ਤੇ ਲੋੜਵੰਦ ਵਿਅਕਤੀ ਨੂੰ ਐਂਬੂਲੈਂਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਤਾਲਮੇਲ ਰੱਖਿਆ ਜਾਵੇ।
ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਯਮਤ ਤੌਰ ’ਤੇ ਮੈਡੀਕਲ ਸਹੂਲਤਾਂ ਮੁਹੱਈਆ ਅਤੇ ਹੋਰ ਮੁੱਦਿਆਂ ਦੇ ਹੱਲ ਲਈ ਨਿਯਮਤ ਤੌਰ ‘ਤੇ ਸਮੀਖਿਆ ਕੀਤੀ ਜਾਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ESI ਲਾਭਪਾਤਰੀਆਂ ਨੂੰ ਸਮੇਂ ਸਿਰ ਅਤੇ ਅਸਰਦਾਰ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।





























