
ਸਮੂਹ ਵਿਭਾਗਾਂ ਨੂੰ ਅਗਲੇ 10 ਦਿਨਾਂ ’ਚ ਕਾਰਵਾਈ ਰਿਪੋਰਟ ਪੇਸ਼ ਕਰਨ ਦੀਆਂ ਹਦਾਇਤਾਂ
ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ ਦੀ ਗਵਰਨਿੰਗ ਬਾਡੀ ਅਤੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਮਕੈਨਿਜ਼ਮ) ਜਲੰਧਰ ਦੇ ਮੈਂਬਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਮੁੜ ਵਸੇਬੇ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਅੱਜ ਇਥੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ ਜਲੰਧਰ ਦੀ ਗਵਰਨਿੰਗ ਬਾਡੀ ਅਤੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਮਕੈਨਿਜ਼ਮ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖਾਸ ਕਰਕੇ ਵਿੱਦਿਅਕ ਅਦਾਰਿਆਂ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਇਆ ਜਾ ਸਕੇ।
ਇਸ ਤੋਂ ਇਲਾਵਾ ਡੀ.ਈ.ਓ. ਸਕੂਲ ਸਿੱਖਿਆ, ਜ਼ਿਲ੍ਹਾ ਖੇਡ ਅਫ਼ਸਰ, ਤਕਨੀਕੀ ਸਿੱਖਿਆ, ਰੈੱਡ ਕਰਾਸ ਵਿਭਾਗਾਂ ਨੂੰ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਮੁਹਿੰਮਾਂ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਨਸ਼ਾ ਪੀੜਤਾਂ ਨੂੰ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਵੀ ਵਕਾਲਤ ਕੀਤੀ ਤਾਂ ਜੋ ਉਨ੍ਹਾਂ ਨੂੰ ਸਮਾਜ ਦੇ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਉਨ੍ਹਾਂ ਕਿਹਾ ਕਿ ਆਮ ਲੋਕ ਨਸ਼ਿਆਂ ਵਿਰੁੱਧ ਜੰਗ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ, ਇਸ ਲਈ ਨੂੰ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗੀ ਅਧਿਕਾਰੀਆਂ/ਬੁੱਧੀਜੀਵੀਆਂ/ਧਾਰਮਿਕ ਸੰਸਥਾਵਾਂ ਨੂੰ ਜਾਗਰੂਕਤਾ ਦੇ ਯਤਨਾਂ ਨੂੰ ਹੋਰ ਅਸਰਦਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਜਲੰਧਰ/ਨੂਰਮਹਿਲ ਅਤੇ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਕੇਂਦਰਾਂ ਦੇ ਕੰਮਕਾਜ ਤੋਂ ਇਲਾਵਾ ਸਟਾਫ਼, ਫੰਡਾਂ ਦੇ ਖਰਚੇ ਅਤੇ ਪਿੰਡ ਸ਼ੇਖੇ ਵਿਖੇ ਐਨ.ਜੀ.ਓ. ਸਨ ਫਾਊਂਡੇਸ਼ਨ ਦੀਆਂ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਵੱਲੋਂ ਜ਼ਿਲ੍ਹੇ ਭਰ ਵਿੱਚ 28 ਓਟ ਕਲੀਨਿਕਾਂ ਵਿੱਚ ਦਵਾਈਆਂ ਦੀ ਉਪਲਬਧਤਾ ਦਾ ਵੀ ਜਾਇਜ਼ਾ ਲਿਆ ਗਿਆ।
ਡਾ. ਅਗਰਵਾਲ ਨੇ ਸਿਹਤ, ਪੁਲਿਸ ਸਮੇਤ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ, ਮੁੜ ਵਸੇਬਾ ਆਦਿ ਸਬੰਧੀ ਰਿਪੋਰਟ ਅਗਲੇ 10 ਦਿਨਾਂ ਵਿੱਚ ਸੌਂਪਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਨਹੀਂ ਚੱਲਣ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਸਬੰਧੀ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਲਈ ਵੀ ਕਿਹਾ ਤਾਂ ਜੋ ਪ੍ਰਭਾਵਿਤ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇ।
ਇਸ ਮੌਕੇ ਵਧੀਕ ਕਮਿਸ਼ਨਰ ਜਲੰਧਰ ਅਮਰਜੀਤ ਬੈਂਸ, ਐਸ.ਡੀ.ਐਮਜ਼ ਬਲਬੀਰ ਰਾਜ, ਡਾ. ਜੈ ਇੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
















