
PRIME INDIAN NEWS
ਪੰਜਾਬ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਇਸਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਖਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸਰਕਾਰ ਵਲੋਂ ਇਸ ਮੁੱਦੇ ਤੇ 12 ਫਰਵਰੀ ਨੂੰ ਗੱਲਬਾਤ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਸੱਦਾ ਦਿੱਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਕੇਂਦਰੀ ਰਾਜ ਮੰਤਰੀ ਨਿਤਿਆਨੰਦ ਰਾਏ ਨੇ SKM ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨਾਂ ਨੇ ਇਸ ਸਬੰਧੀ ਦੇਰ ਰਾਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਜਾਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਸੈਕਟਰ 26 ਵਿਖੇ ਹੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਸਮੁੱਚੇ ਦੇਸ਼ ਦੇ ਆਗੂਆਂ ਨੂੰ 13 ਫਰਵਰੀ ਨੂੰ ਦਿੱਲੀ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਮਾਰਚ ਸ਼ਾਂਤਮਈ ਹੋਵੇਗਾ। ਅਸੀਂ ਉਦੋਂ ਤੱਕ ਦਿੱਲੀ ਵਿੱਚ ਡਟੇ ਰਹਾਂਗੇ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੇ ਵਿਚਾਰ ਨਹੀਂ ਮੰਨਦੀ।
















