
PRIME INDIAN NEWS✍️H S CHAWLA
ਪੈਰਿਸ, (PIN):- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ CBI ਜਾਂਚ ਕਰਵਾਈ ਜਾਵੇ ਤਾਂ ਜੋ ਨਿਰਪੱਖ ਜਾਂਚ ਰਾਹੀਂ ਸਾਰੇ ਤੱਥ ਸਾਹਮਣੇ ਆ ਸਕਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ PRIME INDIAN NEWS ਦੇ ਪ੍ਰਤੀਨਿੱਧੀ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ.ਭੱਟੀ ਨੇ ਕਿਹਾ ਕਿ ਇਹ ਘਟਨਾ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ, ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦੀ ਗਰੰਟੀ ਕੌਣ ਲਵੇਗਾ।
ਸ. ਭੱਟੀ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਜਿਸ ਕਰਕੇ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆ ਕੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰੇ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਵੇ ਤਾਂ ਜੋ ਇਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਡੂੰਘਾਈ ਨਾਲ ਹੋ ਸਕੇ।
ਸ. ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਇਸ ਦੁੱਖ ਦੀ ਘੜੀ ਵਿਚ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਡਟ ਕੇ ਖੜ੍ਹਾ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਪੱਧਰ ‘ਤੇ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਨਸ਼ਿਆਂ ਦੇ ਕਾਰੋਬਾਰ ਜਾਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਵਾਜ਼ ਉਠਾਉਣਾ ਕੋਈ ਜੁਰਮ ਨਹੀਂ, ਸਗੋਂ ਸਮਾਜ ਪ੍ਰਤੀ ਜ਼ਿੰਮੇਵਾਰੀ ਹੈ। ਅਜਿਹੇ ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।
ਸ. ਭੱਟੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ ਤਾਂ ਉਸ ਦੇ ਮਾਮਲੇ ਨੂੰ ਨਿੱਜੀ ਰੰਜਿਸ਼ ਦਾ ਰੰਗ ਦੇਣ ਤੋਂ ਪਹਿਲਾਂ ਸਬੂਤਾਂ ਦੇ ਆਧਾਰ ‘ਤੇ ਸੱਚਾਈ ਸਾਹਮਣੇ ਲਿਆਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਗ਼ੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਨ ਦੀ ਬਜਾਏ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਸ. ਭੱਟੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਗੈਂਗਸਟਰਵਾਦ ਅਤੇ ਅਪਰਾਧਾਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਵਾਲੀ ਸਰਕਾਰ ਨੂੰ ਆਪਣੀ ਜਵਾਬਦੇਹੀ ਤੋਂ ਭੱਜਣਾ ਨਹੀਂ ਚਾਹੀਦਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਜਵਾਬ ਦੇਣਾ ਚਾਹੀਦਾ ਹੈ।
ਸ. ਭੱਟੀ ਨੇ ਕਿਹਾ ਕਿ ਪੰਜਾਬ ਵਾਸੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਚਾਹੁੰਦੇ ਹਨ। ਸਰਕਾਰ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ, ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਇਸ ਮਾਮਲੇ ਨੂੰ ਅਣਗੌਲਿਆ ਨਹੀਂ ਜਾਣ ਦਿੱਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਯੂਰਪ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਚਟਾਨ ਵਾਂਗੂ ਖੜਾ ਹੈ।
















