
ਖੇਤੀਬਾੜੀ ਵਿਭਾਗ ਵੱਲੋਂ 40 ਦਿਨਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਜਲੰਧਰ, ਐਚ ਐਸ ਚਾਵਲਾ। ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 40 ਦਿਨਾਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ 3 ਵੈਨਾਂ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਵੈਨਾਂ ਦਾ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦਿਆਂ ਅਤੇ ਅੱਗ ਲਾਉਣ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਵੈਨਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਮੌਕੇ ਸੀ.ਐਮ.ਐਫ.ਓ. ਨਵਦੀਪ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ, ਜਿਸ ਦੇ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਿਸ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਅਤੇ ਫ਼ਸਲ ਨੂੰ ਰਸਾਇਣਿਕ ਖਾਦਾਂ ਦੀ ਲੋੜ ਵੀ ਘੱਟ ਪੈਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਨੂੰ ਖੇਤਾਂ ਵਿੱਚ ਹੀ ਖਪਾਉਣ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਇਨ੍ਹਾਂ ਵੈਨਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਪੈਂਫਲੈੱਟਾਂ ਦੀ ਵੰਡ ਵੀ ਕੀਤੀ ਜਾਵੇਗੀ, ਜਿਸ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਤੇ ਜਸਵੀਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਨੀਸ਼ ਚੰਦਰ ਅਤੇ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਦੇ ਹੋਰ ਅਧਿਕਾਰੀ ਕਰਮਚਾਰੀ ਵੀ ਮੌਜੂਦ ਸਨ।





























