
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਚੌਥੀ ਕਨਵੋਕੇਸ਼ਨ ਤੇ ਸਲਾਨਾ ਇਨਾਮ ਵੰਡ ਸਮਾਗਮ ’ਚ ਕੀਤੀ ਸ਼ਿਰਕਤ
ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਮੋਹਰੀ ਸੂਬਾ ਬਣਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਚੌਥੀ ਕਨਵੋਕੇਸ਼ਨ ਅਤੇ ਸਲਾਨਾ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੇ ਰੌਸ਼ਨ ਭਵਿੱਖ ਲਈ ਵਿਦਿਆਰਥੀਆਂ ਨੂੰ ਮਿਆਰੀ ਪੱਧਰੀ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚੱਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਸੂਬਾ ਸਰਕਾਰ ਵਲੋਂ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਬੱਚਿਆਂ ਨੂੰ ਕੌਮਾਂਤਰੀ ਪੱਧਰੀ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀਆਂ ਨਾਮੀ ਵਿੱਦਿਅਕ ਸੰਸਥਾਵਾਂ ਵਿੱਚ ਅਤੇ ਸਕੂਲ ਦੇ ਮੁੱਖ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਾਦਬਾਦ ਤੋਂ ਸਿਖਲਾਈ ਦੁਆਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਉਨ੍ਹਾਂ ਡਿਗਰੀਆਂ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਉਨਾਂ ਨੂੰ ਵਿਦਿਆਰਥੀ ਜੀਵਨ ਦੌਰਾਨ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਸਰਕਾਰ ਵਲੋਂ ਉਨਾਂ ਨੂੰ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ।





























