ਦੇਸ਼ਪੰਜਾਬ

ਪੰਜਾਬ ਸਰਕਾਰ ਵੱਲੋਂ ਜਲੰਧਰ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਲਈ 10 ਕਰੋੜ ਰੁਪਏ ਜਾਰੀ – ਬਲਕਾਰ ਸਿੰਘ

ਕੈਬਨਿਟ ਮੰਤਰੀ ਨੇ ਜਲੰਧਰ ਸ਼ਹਿਰ ਵਿਚਲੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ – ਸੂਬੇ ’ਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਘਾਟ ਨਹੀਂ

ਜਲੰਧਰ, ਐਚ ਐਸ ਚਾਵਲਾ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲੰਧਰ ਸ਼ਹਿਰ ਵਿੱਚ ਸੜਕਾਂ ਦੇ ਨਿਰਮਾਣ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਸ਼ਹਿਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਉੱਚ ਦਰਜੇ ਦਾ ਬਣਾਇਆ ਜਾ ਸਕੇ।

ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਨਗਰ ਨਿਗਮ ਜਲੰਧਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੜਕਾਂ ਦੀ ਸਮੇਂ ਸਿਰ ਉਸਾਰੀ ਨੂੰ ਯਕੀਨੀ ਬਣਾਇਆ ਜਾਵੇ ਕਿਉਂਜੋ ਸਰਕਾਰ ਵੱਲੋਂ ਇਸ ਦੇ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਵਿਸ਼ਾਲ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮਾਂ ਦੀ ਸਹੀ ਢੰਗ ਨਾਲ ਨਿਗਰਾਨੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਹੋਰ ਪ੍ਰਾਜੈਕਟਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਡਕਰ ਪਾਰਕ ਦੇ ਕਾਇਆ-ਕਲਪ ਸਬੰਧੀ ਨਿਰਮਾਣ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਸ ਇਲਾਕੇ ਦੇ ਲੋਕ ਇੱਥੇ ਆਧੁਨਿਕ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇੱਕ ਕਰੋੜ ਦੀ ਲਾਗਤ ਨਾਲ ਪਾਰਕ ਦੀ ਕਾਇਆ-ਕਲਪ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਮਿਊਂਸੀਪਲ ਅਥਾਰਟੀਆਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵਿੱਚ 375 ਖਾਲੀ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਆਵੇਗੀ। ਇਸੇ ਤਰ੍ਹਾਂ ਸ਼ਹਿਰਾਂ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ 400 ਦੇ ਕਰੀਬ ਫਾਇਰਮੈਨਾਂ ਦੀ ਭਰਤੀ ਪ੍ਰਕਿਰਿਆ ਵੀ ਚੱਲ ਰਹੀ ਹੈ।

Related Articles

Leave a Reply

Your email address will not be published. Required fields are marked *

Back to top button