ਦੇਸ਼ਦੁਨੀਆਂਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਦੇਸ਼ ਭਗਤੀ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਤੇ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ 

ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਗਣਤੰਤਰ ਦਿਵਸ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਇਸ ਮਹੱਤਪੂਰਣ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।

ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਧ ਤੋਂ ਵੱਧ ਸਕੂਲਾਂ/ਕਾਲਜਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਚਿਣਗ ਪੈਦਾ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਾਪਤੀਆਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਜਾਣਾ ਹੈ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਇਸ ਸਬੰਧੀ ਸੂਚੀਆਂ 20 ਜਨਵਰੀ ਤੱਕ ਭੇਜਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਨਗਰ ਨਿਗਮ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਚੌਕਾਂ ਦੀ ਸਫਾਈ, ਸਜਾਵਟ, ਰੌਸ਼ਨੀ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਦਵਾਈਆਂ ਅਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਸਮਾਗਮ ਦੌਰਾਨ ਪੁਲਿਸ ਵਿਭਾਗ ਨੂੰ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸੁਚੱਜੇ ਪ੍ਰਬੰਧਾਂ ਲਈ ਵਿਭਾਗ ਨੂੰ ਰਿਹਰਸਲਾਂ ਦੌਰਾਨ ਆਪਣਾ ਇਕ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਸੀ.ਪੀ. (ਹੈੱਡਕੁਆਰਟਰ) ਸੁਖਵਿੰਦਰ ਸਿੰਘ, ਐਸ.ਡੀ.ਐਮਜ਼. ਬਲਬੀਰ ਰਾਜ ਸਿੰਘ ਅਤੇ ਰਣਦੀਪ ਸਿੰਘ ਹੀਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button