ਦੇਸ਼ਦੁਨੀਆਂਪੰਜਾਬ

ਮਾਣਯੋਗ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ IPS ਨੇ ਬਤੌਰ ਪੁਲਿਸ ਕਮਿਸ਼ਨਰ ਜਲੰਧਰ ਦਾ ਅਹੁਦਾ ਸੰਭਾਲਿਆ

ਜਲੰਧਰ, ਐਚ ਐਸ ਚਾਵਲਾ। ਮਾਣਯੋਗ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ IPS ਨੇ ਅੱਜ ਬਤੌਰ ਨਵੇਂ ਪੁਲਿਸ ਕਮਿਸ਼ਨਰ ਜਲੰਧਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ IGP ਬਾਰਡਰ ਰੇਂਜ, ਅੰਮ੍ਰਿਤਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪੁਲਿਸ ਕਮਿਸ਼ਨਰੇਟ ਜਲੰਧਰ ਵਿਖੇ ਪਹੁੰਚਣ ‘ਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਗਜ਼ਟਿਡ ਅਫ਼ਸਰਾਂ (GOs) ਅਤੇ ਨਾਨ-ਗਜ਼ਟਿਡ ਅਫ਼ਸਰਾਂ (NGOs) ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਉਪਰੰਤ ਪੁਲਿਸ ਸਲਾਮੀ ਗਾਰਡ ਵੱਲੋਂ ਉਨ੍ਹਾਂ ਨੂੰ ਰਸਮੀ ਸਲਾਮੀ ਦਿੱਤੀ ਗਈ। ਸਲਾਮੀ ਲੈਣ ਤੋਂ ਬਾਅਦ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਨੇ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਆਪਣੀ ਜੁਆਇਨਿੰਗ ਰਿਪੋਰਟ ‘ਤੇ ਦਸਤਖ਼ਤ ਕਰਕੇ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ।

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ., ਪੰਜਾਬ ਪੁਲਿਸ ਦੇ ਇੱਕ ਤਜਰਬੇਕਾਰ ਅਤੇ ਸੀਨੀਅਰ ਅਧਿਕਾਰੀ ਹਨ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦਾ ਲੰਮਾ ਤਜਰਬਾ ਹਾਸਲ ਹੈ। ਇਸ ਤੋਂ ਪਹਿਲਾਂ ਵੀ ਉਹ ਸਾਲ 2018 ਤੋਂ 2021 ਤੱਕ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਆਈ.ਜੀ.ਪੀ. ਬਾਰਡਰ ਰੇਂਜ, ਅੰਮ੍ਰਿਤਸਰ, ਡੀ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ (AGTF). ਡੀ.ਆਈ.ਜੀ. ਰੂਪਨਗਰ ਰੱਜ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐੱਸ.ਐੱਸ.ਪੀ. ਵਜੋਂ ਵੀ ਅਹਿਮ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ।

ਆਪਣੀ ਸ਼ਾਨਦਾਰ ਸੇਵਾ ਦੌਰਾਨ ਉਨ੍ਹਾਂ ਨੇ ਜਲੰਧਰ, ਲੁਧਿਆਣਾ, ਮੋਹਾਲੀ, ਬਠਿੰਡਾ, ਮੋਗਾ ਅਤੇ ਰੂਪਨਗਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਫਾਰ ਗੈਲੈਂਟਰੀ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਅਤੇ ਯੂਨੀਅਨ ਹੋਮ ਮਨਿਸਟਰ ਸਪੈਸ਼ਲ ਆਪ੍ਰੇਸ਼ਨ ਮੈਡਲ ਵਰਗੇ ਵੱਕਾਰੀ ਸਨਮਾਨਾਂ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ।

ਉਨ੍ਹਾਂ ਦੇ ਲੰਮੇ ਤਜਰਬੇ ਅਤੇ ਜਲੰਧਰ ਨਾਲ ਪਹਿਲਾਂ ਤੋਂ ਰਹੀ ਜਾਣ-ਪਛਾਣ ਸਦਕਾ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਵਿਵਸਥਾ, ਅਪਰਾਧਾਂ ਦੀ ਰੋਕਥਾਮ ਅਤੇ ਲੋਕਾਂ ਦੀ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਨਵੇਂ ਉਪਰਾਲਿਆਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।

Related Articles

Back to top button