ਦੇਸ਼ਦੁਨੀਆਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ”: ਕਮਿਸ਼ਨਰੇਟ ਪੁਲਿਸ ਤੇ ਨਗਰ ਨਿਗਮ ਵੱਲੋਂ ਜਲੰਧਰ ਵਿੱਚ ਇੱਕ ਕੁੱਖਿਆਤ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ

ਸ਼ਹਿਰ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਕੀਤੀ ਗਈ ਕਾਰਵਾਈ

ਜਲੰਧਰ, ਐਚ ਐਸ ਚਾਵਲਾ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਜਲੰਧਰ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ।

ਸਰਕਾਰੀ ਜ਼ਮੀਨ ਪਰ ਕਥਿਤ ਤੌਰ ‘ਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਦੀ ਕਮਾਈ ਨਾਲ ਬਣਾਈ ਗਈ ਇਸ ਨਾਜਾਇਜ਼ ਉਸਾਰੀ ਨੂੰ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਢਾਹਿਆ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਕੁੱਖਿਆਤ ਨਸ਼ਾ ਤਸ਼ਕਰ ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧਾਨਕੀਆ ਮੁਹੱਲਾ ਜਲੰਧਰ ਵੱਲੋਂ ਸਰਕਾਰੀ ਜ਼ਮੀਨ ਪਰ ਕੀਤੀ ਗਈ ਗੈਰ-ਕਾਨੂੰਨੀ ਉਸਾਰੀ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਸੀ। ਇਹ ਜਾਇਦਾਦ ਕਥਿਤ ਤੌਰ ‘ਤੇ ਉਸ ਦੀਆਂ ਗੈਰ-ਕਾਨੂੰਨੀ ਨਸ਼ਾ ਤਸਕਰੀ ਗਤੀਵਿਧੀਆਂ ਤੋਂ ਪ੍ਰਾਪਤ ਆਮਦਨ ਨਾਲ ਤਿਆਰ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਸੂਚਨਾ ਪ੍ਰਾਪਤ ਹੋਣ ਉਪਰੰਤ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਉਕਤ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਇੱਕ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦੀ ਹੈ ਕਿ ਜਲੰਧਰ ਸ਼ਹਿਰ ਵਿੱਚ ਨਸ਼ਿਆਂ ਨਾਲ ਸੰਬੰਧਿਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੀ.ਪੀ ਜਲੰਧਰ ਨੇ ਅੱਗੇ ਦੱਸਿਆ ਕਿ ਧਰਮਿੰਦਰ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਇਕੋਟ੍ਰੋਪਿਕ ਸਬਸਟੈਂਸਿਜ਼ (ਐੱਨ.ਡੀ.ਪੀ.ਐੱਸ) ਐਕਟ ਤਹਿਤ 6 ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਤੋੜਨ ਅਤੇ ਉਨ੍ਹਾਂ ਦੀ ਜਵਾਬਦੇਹੀ ਯਕੀਨੀ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ, ਸ਼ਹਿਰ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਜਲੰਧਰ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਲਈ ਪੁਲਿਸ ਦੇ ਯਤਨਾਂ ਵਿੱਚ ਆਪਣਾ ਸਹਿਯੋਗ ਦੇਣ।

Related Articles

Leave a Reply

Your email address will not be published. Required fields are marked *

Back to top button