
ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਵਿਰੁੱਧ ਸਖ਼ਤ ਕਾਰਵਾਈ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਲਈ ਵਿਸ਼ੇਸ਼ ਉਪਰਾਲੇ
ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਐਸ.ਐਸ.ਪੀ. ਜਲੰਧਰ ਦਿਹਾਤੀ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੇ ਚਿੰਨ੍ਹਿਤ ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ CASO (Cordon and Search Operation) ਆਪਰੇਸ਼ਨ ਕੀਤੇ ਗਏ।
ਵਿਸ਼ੇਸ਼ ਆਪਰੇਸ਼ਨ ਦੌਰਾਨ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਐਸ.ਐਸ.ਪੀ. ਜਲੰਧਰ ਦਿਹਾਤੀ ਵੱਲੋਂ ਖੁਦ ਥਾਣਾ ਸਦਰ ਨਕੋਦਰ ਅਧੀਨ ਪੈਂਦੇ ਪਿੰਡ ਸ਼ੰਕਰ ਵਿਖੇ ਪਹੁੰਚ ਕੇ ਆਪਰੇਸ਼ਨ ਦੀ ਨਿਗਰਾਨੀ ਕੀਤੀ ਗਈ। ਇਸ ਮੌਕੇ ਵਿਨੀਤ ਆਹਲਾਵਤ, ਆਈ.ਪੀ.ਐਸ., ਐਸ.ਪੀ. (ਤਫਤੀਸ਼), ਜਲੰਧਰ ਦਿਹਾਤੀ ਵੀ ਮੌਜੂਦ ਸਨ। ਜਲੰਧਰ ਦਿਹਾਤੀ ਦੀਆਂ ਹੋਰ ਸਬ-ਡਿਵੀਜ਼ਨਾਂ ਵਿੱਚ ਵੀ ਸਬੰਧਤ ਸਬ-ਡਿਵੀਜ਼ਨਲ ਪੁਲਿਸ ਅਫ਼ਸਰਾਂ ਅਤੇ ਐਸ.ਐਚ.ਓਜ਼ ਦੀ ਨਿਗਰਾਨੀ ਹੇਠ CASO ਆਪਰੇਸ਼ਨ ਕੀਤੇ ਗਏ ਅਤੇ ਚਿੰਨ੍ਹਿਤ ਥਾਵਾਂ ’ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਜ਼ਿਲ੍ਹੇ ਦੇ ਸਾਰੇ 15 ਚਿੰਨ੍ਹਿਤ ਨਸ਼ਾ ਹੌਟਸਪੌਟਸ ਨੂੰ ਵਿਸ਼ੇਸ਼ ਤੌਰ ’ਤੇ ਕਵਰ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਨਸ਼ਿਆਂ ਨਾਲ ਸਬੰਧਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ।ਆਪਰੇਸ਼ਨ ਦੌਰਾਨ 10 ਗਜ਼ਟਿਡ ਅਫ਼ਸਰਾਂ ਅਤੇ 275 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ।
ਕੁੱਲ 31 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 40 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਆਪਰੇਸ਼ਨ ਦੌਰਾਨ 10 ਗ੍ਰਾਮ ਹੈਰੋਇਨ, 381 ਨਸ਼ੀਲੀਆਂ ਗੋਲੀਆਂ/ਟੈਬਲੇਟਾਂ/ਕੈਪਸੂਲ ਅਤੇ 47 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 15 ਵਾਹਨ ਜ਼ਬਤ ਕੀਤੇ ਗਏ ਅਤੇ 01 ਭਗੌੜੇ (PO) ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਅਤੇ ਚੈਕਿੰਗ ਦੌਰਾਨ ਹੋਰ ਸਾਮਾਨ ਅਤੇ ਵੱਖ-ਵੱਖ ਕਿਸਮ ਦੀਆਂ ਬਰਾਮਦਗੀਆਂ ਵੀ ਕੀਤੀਆਂ ਗਈਆਂ।14 ਵਿਅਕਤੀਆਂ ਵਿਰੁੱਧ ਧਾਰਾ 129 BNSS ਤਹਿਤ ਰੋਕਥਾਮੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ।
ਵਿਸ਼ੇਸ਼ ਮੁਹਿੰਮ ਦੌਰਾਨ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਗਈ। ਜਿਨ੍ਹਾਂ ਵਿਅਕਤੀਆਂ ਨੂੰ ਇਲਾਜ ਦੀ ਲੋੜ ਹੈ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ, ਜਦਕਿ ਨਸ਼ੇ ਦੀ ਸ਼ੁਰੂਆਤੀ ਅਵਸਥਾ ਵਿੱਚ ਮੌਜੂਦ ਅਤੇ ਤੁਰੰਤ ਦਾਖ਼ਲੇ ਦੀ ਲੋੜ ਨਾ ਰੱਖਣ ਵਾਲੇ ਵਿਅਕਤੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਢੁੱਕਵੇਂ ਇਲਾਜ ਅਤੇ ਪੁਨਰਵਾਸ ਲਈ ਰੈਫਰ ਕੀਤਾ ਜਾ ਰਿਹਾ ਹੈ।
ਐਸ.ਐਸ.ਪੀ. ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਚਿੰਨ੍ਹਿਤ ਨਸ਼ਾ ਹੌਟਸਪੌਟਸ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮੁੱਖ ਪੱਖਾਂ—ਇਨਫੋਰਸਮੈਂਟ, ਜਾਗਰੂਕਤਾ ਅਤੇ ਨਸ਼ਾ ਛੁਡਾਊ/ਪੁਨਰਵਾਸ—’ਤੇ ਇੱਕੋ ਸਮੇਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਿੰਨ੍ਹਿਤ ਨਸ਼ਾ ਹੌਟਸਪੌਟਸ ਨੂੰ ਨਸ਼ਾ ਮੁਕਤ ਬਣਾਉਣ ਲਈ ਸੱਤ ਦਿਨਾਂ ਦਾ ਵਿਸ਼ੇਸ਼ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਨ੍ਹਾਂ ਇਲਾਕਿਆਂ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਹੌਟਸਪੌਟਸ ਦੀ ਵਿਵਸਥਿਤ ਸੂਚੀ ਤਿਆਰ ਕਰਨ ਦੇ ਨਾਲ-ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ। ਸਥਾਨਕ ਵਸਨੀਕਾਂ, ਪੁਲਿਸ ਦਾ ਸਹਿਯੋਗ ਕਰਨ ਵਾਲੇ ਨਾਗਰਿਕਾਂ ਅਤੇ ਹੋਰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਕਾਊਂਸਲਿੰਗ ਮੁਹੱਈਆ ਕਰਵਾਉਣ ਅਤੇ ਪੁਨਰਵਾਸ ਰਾਹੀਂ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਸ. ਹਰਵਿੰਦਰ ਸਿੰਘ ਵਿਰਕ ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ ਚਿੰਨ੍ਹਿਤ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣਗੇ। ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ, ਪਿੰਡਾਂ ਦੇ ਸਾਂਝੇ ਸਥਾਨਾਂ ’ਤੇ ਜਾਗਰੂਕਤਾ ਗਤੀਵਿਧੀਆਂ, ਨੁੱਕੜ ਨਾਟਕ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ, ਤਾਂ ਜੋ ਆਮ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਦੇ ਹਿੱਸੇ ਵਜੋਂ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਵਿਸ਼ੇਸ਼ ਆਪਰੇਸ਼ਨ ਕੀਤੇ ਜਾਣਗੇ। ਨਸ਼ਿਆਂ ਦੀ ਸਪਲਾਈ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਦਾ ਮੁੱਖ ਉਦੇਸ਼ ਨਸ਼ਾ ਹੌਟਸਪੌਟਸ ਨੂੰ ਨਸ਼ਾ ਮੁਕਤ ਬਣਾਉਣਾ, ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਵਿੱਚ ਸਹਾਇਤਾ ਕਰਨਾ ਅਤੇ ਆਮ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਵਧੇਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜਲੰਧਰ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਵਿੱਚ ਅਜਿਹੇ CASO ਆਪਰੇਸ਼ਨ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
















