ਦੇਸ਼ਦੁਨੀਆਂਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ CIA ਸਟਾਫ਼ ਵੱਲੋਂ 668 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀਆਈਏ ਸਟਾਫ਼ ਜਲੰਧਰ ਦਿਹਾਤੀ ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 668 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਕਾਰਵਾਈ ਵਿਨੀਤ ਅਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫਤੀਸ਼) ਅਤੇ ਲਖਵਿੰਦਰ ਸਿੰਘ, ਪੀ.ਪੀ.ਐੱਸ., ਉਪ ਪੁਲਿਸ ਕਪਤਾਨ (ਤਫਤੀਸ਼) ਦੀ ਅਗਵਾਈ ਹੇਠ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀਆਈਏ ਸਟਾਫ਼ ਜਲੰਧਰ ਦਿਹਾਤੀ ਦੀ ਅਗਵਾਈ ਵਿੱਚ ਕੀਤੀ ਗਈ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਤੋਂ ਬਾਹਰਲੇ ਕੁਝ ਨਸ਼ਾ ਤਸਕਰ ਭੋਗਪੁਰ ਇਲਾਕੇ ਵਿੱਚ ਵੱਡੇ ਪੱਧਰ ’ਤੇ ਹੈਰੋਇਨ ਦੀ ਤਸਕਰੀ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਮਿਤੀ 14.11.2026 ਨੂੰ ਏ.ਐੱਸ.ਆਈ. ਸੁਭਾਸ਼ ਕੁਮਾਰ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੀ ਟੀਮ ਨੂੰ ਭੋਗਪੁਰ ਇਲਾਕੇ ਵਿੱਚ ਗਸ਼ਤ ਅਤੇ ਚੈਕਿੰਗ ਲਈ ਰਵਾਨਾ ਕੀਤਾ ਗਿਆ।

ਜਦੋਂ ਪੁਲਿਸ ਪਾਰਟੀ ਆਦਮਪੁਰ ਤੋਂ ਭੋਗਪੁਰ ਵੱਲ ਗਸ਼ਤ ਕਰਦੀ ਹੋਈ ਜਲੰਧਰ-ਪਠਾਨਕੋਟ ਮੁੱਖ ਮਾਰਗ ’ਤੇ ਪਿੰਡ ਕੁਰੇਸ਼ੀਆਂ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਇੱਕ ਸੁੰਨਸਾਨ ਜਗ੍ਹਾ ’ਤੇ ਕਾਲੇ ਰੰਗ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹਾ ਦਿਖਾਈ ਦਿੱਤਾ। ਪੁਲਿਸ ਦੀ ਗੱਡੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਬੂਟਾ ਸਿੰਘ ਪੁੱਤਰ ਦਲਬੀਰ ਸਿੰਘ, ਵਾਸੀ ਪਿੰਡ ਮੁੰਨਣ, ਥਾਣਾ ਭੈਣੀ ਮੀਆਂ ਖਾਨ, ਜ਼ਿਲ੍ਹਾ ਗੁਰਦਾਸਪੁਰ ਦੱਸਿਆ। ਉਸ ਦੇ ਮੋਟਰਸਾਈਕਲ ਨੰਬਰ PB-06-BQ-2761, ਮਾਰਕਾ ਪਲੈਟੀਨਾ, ਕਾਲੇ ਰੰਗ ਦੀ ਤਲਾਸ਼ੀ ਲੈਣ ’ਤੇ ਸੀਟ ਹੇਠੋਂ 668 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਸ ਸਬੰਧੀ ਮੁਕੱਦਮਾ ਨੰਬਰ 237 ਮਿਤੀ 14.11.2026, ਅਧੀਨ ਧਾਰਾ 21/C-61-85 ਐਨ.ਡੀ.ਪੀ.ਐੱਸ. ਐਕਟ, ਥਾਣਾ ਭੋਗਪੁਰ ਵਿਖੇ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਬੂਟਾ ਸਿੰਘ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ ਅਤੇ ਇਸ ਤੋਂ ਬਾਅਦ ਮਜ਼ਦੂਰੀ ਕਰਨ ਲੱਗ ਪਿਆ ਸੀ। ਉਹ ਪੁਲਿਸ ਵਿੱਚ ਭਰਤੀ ਹੋਣ ਦੀ ਤਿਆਰੀ ਵੀ ਕਰ ਰਿਹਾ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਅਤੇ ਅਸਲਾ ਐਕਟ ਸਬੰਧੀ ਮੁਕੱਦਮੇ ਦਰਜ ਹਨ ਅਤੇ ਉਹ ਸਾਲ 2024 ਵਿੱਚ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਜੇਲ੍ਹ ਤੋਂ ਬਾਹਰ ਆਉਣ ਉਪਰੰਤ ਜਲਦੀ ਅਮੀਰ ਬਣਨ ਦੀ ਲਾਲਸਾ ਵਿੱਚ ਉਸ ਨੇ ਹੈਰੋਇਨ ਦਾ ਧੰਦਾ ਸ਼ੁਰੂ ਕਰ ਦਿੱਤਾ। ਉਹ ਸਰਹੱਦੀ ਇਲਾਕੇ ਤੋਂ ਸਸਤੇ ਭਾਅ ’ਤੇ ਹੈਰੋਇਨ ਖਰੀਦ ਕੇ ਭੋਗਪੁਰ ਅਤੇ ਜਲੰਧਰ ਦੇ ਨੇੜਲੇ ਕਸਬਿਆਂ ਵਿੱਚ ਸਪਲਾਈ ਕਰਦਾ ਸੀ।

ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਉਸ ਪਾਸੋਂ ਬਰਾਮਦ ਹੈਰੋਇਨ ਦੇ ਸਰੋਤ, ਇਸ ਦੀ ਸਪਲਾਈ ਕੀਤੇ ਜਾਣ ਵਾਲੇ ਵਿਅਕਤੀਆਂ ਅਤੇ ਪਹਿਲਾਂ ਕੀਤੀਆਂ ਗਈਆਂ ਸਪਲਾਈਆਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਰਾਹੀਂ ਕਥਿਤ ਤੌਰ ’ਤੇ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਕੁਰਕ ਕਰਨ ਲਈ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਸ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Related Articles

Back to top button