ਦੇਸ਼ਦੁਨੀਆਂਪੰਜਾਬ

ਯੋਗਮਈ ਹੋਇਆ ਜਲੰਧਰ : ਸੀ ਐਮ ਦੀ ਯੋਗਸ਼ਾਲਾ ‘ਚ 21,000 ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੇ ਨਵਾਂ ਰਿਕਾਰਡ ਕੀਤਾ ਕਾਇਮ

ਸਿਹਤ ਮੰਤਰੀ ਵੱਲੋਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ, ਕਿਹਾ – ਸਰੀਰਕ ਤੇ ਮਾਨਸਿਕ ਤੰਦਰੁਸਤੀ ਯਕੀਨੀ ਬਣਾਉਣ ਲਈ ਯੋਗ ਜ਼ਰੂਰੀ

ਪੀ.ਏ.ਪੀ. ਗਰਾਊਂਡ, ਜਲੰਧਰ ਵਿਖੇ ਯੋਗ ਅਭਿਆਸ ਕਰਕੇ ਰਾਜ ਪੱਧਰੀ ‘ਸੀ.ਐਮ. ਦੀ ਯੋਗਸ਼ਾਲਾ’ ਸਮਾਗਮ ਦੀ ਕੀਤੀ ਅਗਵਾਈ

ਜਲੰਧਰ, ਐਚ ਐਸ ਚਾਵਲਾ। ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇੱਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ।ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ।

ਪੀ.ਏ.ਪੀ. ਗਰਾਊਂਡ ਵਿਖੇ ਰਾਜ ਪੱਧਰੀ ‘ਸੀ.ਐਮ. ਦੀ ਯੋਗਸ਼ਾਲਾ’ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵਿਸ਼ਾਲ ਸਮਾਗਮ ਵਿੱਚ ਹਰ ਵਰਗ ਦੇ ਲੋਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਂਦੇ ਦੇਖਣਾ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਵਧੇਰੇ ਊਰਜਾਵਾਨ ਪੰਜਾਬ ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਡਾ. ਬਲਬੀਰ ਸਿੰਘ ਨੇ ਇਸ ਗੱਲ ‘ਤੇ ਮਾਣ ਪ੍ਰਗਟ ਕੀਤਾ ਕਿ ਹਜ਼ਾਰਾਂ ਪੰਜਾਬੀ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਇੱਕ ਸਿਹਤਮੰਦ ਅਤੇ ਰੰਗਲੇ ਪੰਜਾਬ ਵਜੋਂ ਆਪਣੀ ਪੁਰਾਣੀ ਸ਼ਾਨ ਮੁੜ ਹਾਸਲ ਕਰੇਗਾ।

ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਮੌਜੂਦ ਸਨ, ਨੇ ਕਿਹਾ ਕਿ ਉਨ੍ਹਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਦੇ ਮਾਧਿਅਮ ਨਾਲ ਹਜ਼ਾਰਾਂ ਲੋਕਾਂ ਨੂੰ ਸਰਕਾਰ ਨਾਲ ਜੁੜਦੇ ਦੇਖ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਦੋ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਜਲੰਧਰ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਮੌਜੂਦਾ ਸਮੇਂ ਸੂਬੇ ਭਰ ਵਿੱਚ ਰੋਜ਼ਾਨਾ ਲਗਭਗ 3,200 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਰਾਹੀਂ ਕਰੀਬ ਇੱਕ ਲੱਖ ਲੋਕ ਲਾਭ ਪ੍ਰਾਪਤ ਕਰ ਰਹੇ ਹਨ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਯੋਗ ਸਿਖਾਉਣ ਲਈ ਸਿਖ਼ਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਸਭ ਨੂੰ ਤੰਦਰੁਸਤ ਅਤੇ ਫਿੱਟ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ।

ਯੋਗ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਿਹਤਮੰਦ ਜੀਵਨ ਜਿਊਣ ਵਿੱਚ ਮਦਦ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਚੰਗੀ ਸਿਹਤ ਬਣਾਈ ਰੱਖਣਾ ਅਤੇ ਤਣਾਅ ਮੁਕਤ ਰਹਿਣਾ ਸਮੇਂ ਦੀ ਲੋੜ ਹੈ, ਖਾਸ ਕਰ ਉਦੋਂ ਜਦੋਂ ਲੋਕ ਆਪਣੇ ਰੋਜ਼ਾਨਾ ਜੀਵਨ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਤਣਾਅ ਦਾ ਵਧਦਾ ਪੱਧਰ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਯੋਗ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਅ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਅਭਿਆਨ ਦਿੱਲੀ ਦੇ ਮੁੱਖ ਮੰਤਰੀ ਹੁੰਦਿਆਂ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੇ ਕੌਮੀ ਰਾਜਧਾਨੀ ਵਿੱਚ ਬਹੁਤ ਪ੍ਰਸਿੱਧੀ ਹਾਸਲ ਕੀਤੀ, ਜਿਸ ਨਾਲ ਆਬਾਦੀ ਦੇ ਵੱਡੇ ਹਿੱਸੇ ਨੂੰ ਲਾਭ ਪ੍ਰਾਪਤ ਹੋਇਆ। ਇਸਦੀ ਸਫ਼ਲਤਾ ਤੋਂ ਪ੍ਰੇਰਿਤ ਹੋ ਕੇ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਵੀ ਇਸੇ ਤਰ੍ਹਾਂ ਦੇ ਲਾਭ ਯਕੀਨੀ ਬਣਾਉਣ ਲਈ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ।

ਡਾ. ਬਲਬੀਰ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਭਾਰਤ ਦੀਆਂ ਪ੍ਰਾਚੀਨ ਅਤੇ ਸ਼ਾਨਦਾਰ ਰਿਵਾਇਤਾਂ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ।
ਸਿਹਤ ਮੰਤਰੀ ਨੇ ਕਿਹਾ ਕਿ ਸਰੀਰ ਤੇ ਮਨ ਦੀ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਡਾ. ਬਲਬੀਰ ਸਿੰਘ ਨੇ ਅਖੀਰ ਵਿੱਚ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਅਤੇ ਨਿਯਮਿਤ ਤੌਰ ‘ਤੇ ਯੋਗ ਅਭਿਆਸ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਸਮਾਗਮ ਦੌਰਾਨ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਦਾ ਪੇਂਡੂ ਖੇਤਰਾਂ ਵਿੱਚ ਜਲਦ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਵੀ ਕਾਰਗਰ ਸਾਬਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਯੋਗਾ ਰਾਹੀਂ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਇਸ ਅਲਾਮਤ ਤੋਂ ਨਿਜਾਤ ਦਿਵਾਉਣ ਲਈ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਜਲੰਧਰ ਦੇ ਮੇਅਰ ਵਨੀਤ ਧੀਰ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਜਦਕਿ ਉੱਘੇ ਉਦਯੋਗਪਤੀ ਅਤੇ ‘ਆਪ’ ਆਗੂ ਨਿਤਿਨ ਕੋਹਲੀ ਨੇ ਧੰਨਵਾਦ ਕੀਤਾ।
ਇਸ ਮੌਕੇ ਮੇਅਰ ਜਲੰਧਰ ਵਨੀਤ ਧੀਰ, ਆਪ ਆਗੂ ਨਿਤਿਨ ਕੋਹਲੀ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ, ਸਿਹਤ ਸਕੱਤਰ ਕੁਮਾਰ ਰਾਹੁਲ, ਵਾਈਸ ਚਾਂਸਲਰ ਸ੍ਰੀ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਹੁਸ਼ਿਆਰਪੁਰ ਡਾ. ਸੰਜੀਵ ਸੂਦ, ਡਾਇਰੈਕਟਰ ਰਜਿੰਦਰ ਸਿੰਘ ਰਿਹਾਲ, ਵਧੀਕ ਡਾਇਰੈਕਟਰ ਜਨਰਲ ਪੁਲਿਸ ਸਟੇਟ ਆਰਮਡ ਪੁਲਿਸ ਜਲੰਧਰ ਐਮ.ਐਫ. ਫਾਰੂਕੀ, ਏ.ਡੀ.ਜੀ.ਪੀ. ਨਰੇਸ਼ ਅਰੋੜਾ, ਡੀ.ਆਈ. ਜੀ. ਨਵੀਨ ਸਿੰਗਲਾ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button