ਦੇਸ਼ਦੁਨੀਆਂਪੰਜਾਬ

ਰਾਜ ਸਭਾ ਮੈਂਬਰ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਮੰਡਾਲਾ ਛੰਨਾ ਦੇ 4 ਪਰਿਵਾਰਾਂ ਨੂੰ ਰਾਹਤ ਰਾਸ਼ੀ ਦੇ ਸੌਂਪੇ ਚੈਕ

ਕਿਹਾ – ਔਖੀ ਘੜੀ ’ਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ

ਜਲੰਧਰ, ਐਚ ਐਸ ਚਾਵਲਾ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਸ਼ਾਹਕੋਟ ਦੇ ਪਿੰਡ ਮੰਡਾਲਾ ਛੰਨਾ ਵਿਖੇ 4 ਪ੍ਰਭਾਵਿਤ ਪਰਿਵਾਰਾਂ ਨੂੰ ਮਕਾਨਾਂ ਦੇ ਹੋਏ ਨੁਕਸਾਨ ਲਈ 51-51 ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ ਸੌਂਪੇ ਗਏ। ਇਸ ਦੌਰਾਨ ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਪਿੰਡ ਮੰਡਾਲਾ ਛੰਨਾ ਵਿਖੇ ਬੰਨ੍ਹ ਦੀ ਮਜ਼ਬੂਤੀਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਵੀ ਲਿਆ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਲਈ ਦਿਨ-ਰਾਤ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੇ ਫ਼ਸਲਾਂ, ਜਾਇਦਾਦਾਂ, ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦੀ ਭਰਪਾਈ ਜਲਦ ਕੀਤੀ ਜਾਵੇਗੀ।

ਉਨ੍ਹਾਂ ਮੰਡਾਲਾ ਛੰਨਾ ਵਿਖੇ ਬੰਨ੍ਹ ਦੇ ਸੰਵੇਦਨਸ਼ੀਲ ਕਿਨਾਰੇ ਨੂੰ ਸੁਰੱਖਿਅਤ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਸੰਗਤ ਦੇ ਨਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜੁਟੇ ਡਰੇਨੇਜ ਵਿਭਾਗ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸੰਗਤ ਦੇ ਸਹਿਯੋਗ ਨਾਲ ਬੰਨ੍ਹ ਨੂੰ ਕਾਫੀ ਹੱਦ ਤੱਕ ਬਚਾਉਣ ਵਿੱਚ ਕਾਮਯਾਬ ਹੋਏ ਹਾਂ।

ਡਿਪਟੀ ਕਮਿਸ਼ਨਰ ਨੇ ਬੰਨ੍ਹ ਦੇ ਮਜ਼ਬੂਤੀਕਰਨ ਦੇ ਕਾਰਜ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੰਨ੍ਹ ਨੂੰ ਢਾਹ ਲੱਗਣ ਤੋਂ ਬਚਾਉਣ ਲਈ ਡਰੇਨੇਜ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਦਿਨ-ਰਾਤ ਤਨਦੇਹੀ ਤੇ ਮੁਸਤੈਦੀ ਨਾਲ ਜੁਟੀਆਂ ਹੋਈਆਂ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੀੜਤਾਂ ਨੂੰ ਬਣਦਾ ਮੁਆਵਜ਼ਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ।

ਸੰਤ ਸੀਚੇਵਾਲ ਅਤੇ ਡਾ. ਅਗਰਵਾਲ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਟੈਂਟ, ਤਰਪਾਲਾਂ, ਰਾਸ਼ਨ, ਮੈਡੀਕਲ ਕਿੱਟਾਂ, ਕੰਬਲ ਸਮੇਤ ਹੋਰ ਜ਼ਰੂਰਤ ਦੀਆਂ ਵਸਤਾਂ ਦੀ ਵੰਡ ਵੀ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।

ਇਸ ਮੌਕੇ ਆਪ ਆਗੂ ਪਿੰਦਰ ਪੰਡੌਰੀ, ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ, ਡੀ.ਐਸ.ਪੀ. ਓਂਕਾਰ ਸਿੰਘ ਬਰਾੜ, ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਤੋਂ ਇਲਾਵਾ ਡਰੇਨੇਜ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹਾ ਰੈੱਡ ਕਾਰਸ ਸੁਸਾਇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button