
ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਰੈਲੀ ਰਾਹੀਂ ਦਿੱਤਾ ਵੋਟ ਪਾਉਣ ਦਾ ਸੱਦਾ
ਜਲੰਧਰ, ਐਚ ਐਸ ਚਾਵਲਾ। ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਈਆਂ ਜਾ ਰਹੀਆਂ ਇਨ੍ਹਾਂ ਸਰਗਰਮੀਆਂ ਤਹਿਤ ਅੱਜ ਵੱਖ-ਵੱਖ ਸਕੂਲਾਂ ਵਿੱਚ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲੈਂਦਿਆਂ ਵੱਖ-ਵੱਖ ਸਲੋਗਨਾਂ ਰਾਹੀਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਹੌਕਾ ਦਿੱਤਾ।
ਇਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਲਾਡੋਵਾਲੀ ਰੋਡ ਤੋਂ ਚੋਣ ਜਾਗਰੂਕਤਾ ਰੈਲੀ ਕੱਢੀ ਗਈ, ਜੋ ਕਿ ਲਾਡੋਵਾਲੀ ਰੋਡ, ਅਲਾਸਕਾ ਚੌਕ, ਸ਼ਾਸਤਰੀ ਮਾਰਕੀਟ ’ਚੋਂ ਲੋਕਾਂ ਨੂੰ ਵੋਟਾਂ ਵਾਲੇ ਦਿਨ ਵੋਟ ਪਾਉਣ ਦਾ ਸੱਦਾ ਦਿੰਦੇ ਹੋਏ ਗੁਜ਼ਰੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਵੀਪ ਟੀਮਾਂ ਵੱਲੋਂ ਵੱਖ-ਵੱਖ ਸਕੂਲਾਂ ਦੇ ਕੈਂਪਸ ਅੰਬੈਸਡਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪੋ-ਆਪਣੇ ਵਿੱਦਿਅਕ ਅਦਾਰਿਆਂ ਵਿੱਚ ਵੋਟਰ ਜਾਗਰੂਕਤਾ ਨੂੰ ਹੋਰ ਹੁਲਾਰਾ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲਾਂ ’ਚ ਵੋਟਰ ਪ੍ਰਣ, ਵੋਟ ਦੀ ਮਹੱਤਤਾ ਸਬੰਧੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।





























